ਗੜ੍ਹਸ਼ੰਕਰ:- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਬਲਾਕ ਗੜ੍ਹਸ਼ੰਕਰ ਦੀ ਸਾਂਝੀ ਮੀਟਿੰਗ ਕੁਲਦੀਪ ਸਿੰਘ ਦੌੜਕਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ, ਗੜ੍ਹਸ਼ੰਕਰ ਵਿਖੇ ਹੋਈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਪੱਧਰੀ ਸੰਘਰਸ਼ ਦੇ ਤਹਿਤ 7 ਜੁਲਾਈ ਨੂੰ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦੇਣਗੇ।
ਬੁਲਾਰਿਆਂ ਨੇ ਕਿਹਾ ਕਿ ਧਰਨੇ ਦੌਰਾਨ ਡਿਪਟੀ ਸਪੀਕਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਇੱਕ ਚੇਤਾਵਨੀ ਪੱਤਰ ਵੀ ਸੌਂਪਿਆ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਦਾ ਰਵੱਈਆ ਬੇਹੱਦ ਅਣਗੌਲ੍ਹਾ ਅਤੇ ਨਿਰਾਸ਼ਾਜਨਕ ਹੈ।
ਆਗੂਆਂ ਨੇ ਕਿਹਾ ਕਿ ਲਗਾਤਾਰ ਸੰਘਰਸ਼ਾਂ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵੱਲੋਂ ਸਿਰਫ਼ ਭਰੋਸੇ ਦਿੱਤੇ ਗਏ ਹਨ, ਜਦਕਿ ਅਮਲੀ ਪੱਧਰ ’ਤੇ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਬੁਲਾਰਿਆਂ ਨੇ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਜੇ ਤੱਕ ਜਾਰੀ ਨਹੀਂ ਕੀਤੇ ਗਏ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੋਰਨਾਂ ਰਾਜਾਂ ਦੇ ਮੁਕਾਬਲੇ ਸਭ ਤੋਂ ਘੱਟ ਮਹਿੰਗਾਈ ਭੱਤਾ (ਡੀ.ਏ.) ਮਿਲ ਰਿਹਾ ਹੈ, ਜਦਕਿ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੇ ਬਰਾਬਰ ਡੀ.ਏ. ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੈਨਸ਼ਨਰਾਂ ਲਈ 2.59 ਗੁਣਾਂਕ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਅਤੇ ਮਾਣ-ਭੱਤਾ ਵਰਕਰਾਂ ਨੂੰ ਵੀ ਕੋਈ ਰਾਹਤ ਨਹੀਂ ਦਿੱਤੀ ਗਈ।
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਵਿਭਾਗਾਂ ਨੂੰ ਠੇਕੇਦਾਰੀ ਪ੍ਰਣਾਲੀ ਦੇ ਹਵਾਲੇ ਕੀਤਾ ਜਾ ਰਿਹਾ ਹੈ, ਜਦਕਿ ਲੋਕਾਂ ਦੇ ਅਸਲ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਲੋਕ-ਲੁਭਾਵਣੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਰੋਸ ਲਗਾਤਾਰ ਵੱਧ ਰਿਹਾ ਹੈ ਅਤੇ ਇਸ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 7 ਜੁਲਾਈ ਦੇ ਰੋਸ ਧਰਨੇ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਕੇ ਇਸ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਮੱਖਣ ਸਿੰਘ ਵਾਹਿਦਪੁਰੀ, ਕੁਲਵਿੰਦਰ ਸਿੰਘ ਅਟਵਾਲ, ਮੁਕੇਸ਼ ਕੁਮਾਰ, ਸ਼ਾਮ ਸੁੰਦਰ, ਜੋਗਿੰਦਰ ਸਿੰਘ, ਜਗਦੀਸ਼ ਚੰਦਰ, ਅਸ਼ਵਨੀ ਕੁਮਾਰ, ਗੁਰਨਾਮ ਸਿੰਘ, ਜੀਤ ਸਿੰਘ ਬਗਵਾਈ, ਕਮਲ ਦੇਵ, ਸਤਪਾਲ ਸਿੰਘ, ਜੋਗਾ ਸਿੰਘ, ਰਾਜ ਕੁਮਾਰ, ਪਵਨ ਗੋਇਲ, ਗੁਰਦਿਆਲ ਸਿੰਘ, ਬਲਵੰਤ ਰਾਮ, ਹੰਸ ਰਾਜ, ਅਮਰੀਕ ਸਿੰਘ, ਨਰਿੰਦਰ ਮਹਿਤਾ, ਕੁਲਵਿੰਦਰ ਸਿੰਘ, ਪਰਮਾ ਨੰਦ, ਸ਼ਿੰਗਾਰਾ ਰਾਮ, ਕੁਲਵੰਤ ਸਿੰਘ ਅਤੇ ਸੁਰਿੰਦਰ ਹੀਰ ਸਮੇਤ ਹੋਰ ਆਗੂ ਹਾਜ਼ਰ ਸਨ।