ਗੜ੍ਹਸ਼ੰਕਰ, 21 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਹੋਈ। ਇਸ ਦੌਰਾਨ ਹਾਜ਼ਰ ਅਹੁਦੇਦਾਰਾਂ ਨੇ ਆਉਣ ਵਾਲੇ ਟੂਰਨਾਮੈਂਟਾਂ ਦੇ ਪ੍ਰਬੰਧਾਂ, ਫੁੱਟਬਾਲ ਖੇਡ ਦੀ ਪ੍ਰਫੁੱਲਤਾ, ਕੋਚਿੰਗ ਅਤੇ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਚਾਰ-ਚਰਚਾ ਕੀਤੀ।

ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਇਕਬਾਲ ਸਿੰਘ ਖੇੜਾ, ਖਜ਼ਾਨਚੀ ਪ੍ਰਿੰਸੀਪਲ ਸੁਖਇੰਦਰ ਸਿੰਘ ਸਮੇਤ ਹੋਰ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪ੍ਰਧਾਨ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਸਮੂਹ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਆਉਣ ਵਾਲੇ ਟੂਰਨਾਮੈਂਟਾਂ ਦੇ ਚੰਗੇ ਪ੍ਰਬੰਧਾਂ, ਖਿਡਾਰੀਆਂ ਦੀ ਸ਼ਮੂਲੀਅਤ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।

ਉਨ੍ਹਾਂ ਕਿਹਾ ਕਿ ਫੁੱਟਬਾਲ ਐਸੋਸੀਏਸ਼ਨ ਦਾ ਮੁੱਖ ਮੰਤਵ ਵੱਖ-ਵੱਖ ਉਮਰ ਵਰਗਾਂ ਅਤੇ ਸ਼੍ਰੇਣੀਆਂ ਦੇ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਹਰ ਸੰਭਵ ਸਹਿਯੋਗ ਦੇਣਾ ਅਤੇ ਫੁੱਟਬਾਲ ਦੀ ਪ੍ਰਫੁੱਲਤਾ ਲਈ ਚੰਗਾ ਪ੍ਰਬੰਧਕੀ ਢਾਂਚਾ ਕਾਇਮ ਰੱਖਣਾ ਹੈ।

ਐਸੋਸੀਏਸ਼ਨ ਦੇ ਜਨਰਲ ਸਕੱਤਰ ਇਕਬਾਲ ਸਿੰਘ ਖੇੜਾ ਨੇ ਜ਼ਿਲ੍ਹੇ ਵਿੱਚ ਹੋਣ ਵਾਲੇ ਫੁੱਟਬਾਲ ਟੂਰਨਾਮੈਂਟਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਟੂਰਨਾਮੈਂਟਾਂ ਦੇ ਚੰਗੇ ਪ੍ਰਬੰਧਾਂ, ਖਿਡਾਰੀਆਂ ਲਈ ਸਹੂਲਤਾਂ ਅਤੇ ਖੇਡ ਨਿਯਮਾਂ ਵਿੱਚ ਪਾਰਦਰਸ਼ਤਾ ਬਾਰੇ ਆਪਣੇ ਵਿਚਾਰ ਰੱਖੇ। ਐਸੋਸੀਏਸ਼ਨ ਦੇ ਖਜ਼ਾਨਚੀ ਪ੍ਰਿੰਸੀਪਲ ਸੁਖਇੰਦਰ ਸਿੰਘ ਨੇ ਟੂਰਨਾਮੈਂਟਾਂ ਦੌਰਾਨ ਹੋਣ ਵਾਲੇ ਵਿੱਤੀ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਚਰਨਜੀਤ ਕੌਰ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਡਾ. ਰਾਮ ਮੂਰਤੀ ਨੇ ਵੀ ਫੁੱਟਬਾਲ ਐਸੋਸੀਏਸ਼ਨ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਕੀਮਤੀ ਸੁਝਾਅ ਦਿੱਤੇ।

ਮੈਂਬਰਾਂ ਵੱਲੋਂ ਪੇਸ਼ ਕੀਤੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਪ੍ਰਧਾਨ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਕਿਹਾ ਕਿ ਫੁੱਟਬਾਲ ਖੇਡ ਮਾਹਿਲਪੁਰ ਇਲਾਕੇ ਦੀ ਵਿਸ਼ੇਸ਼ ਪਛਾਣ ਹੈ। ਉਨ੍ਹਾਂ ਕਿਹਾ ਕਿ ਇਸ ਖੇਡ ਦੀ ਪ੍ਰਫੁੱਲਤਾ ਲਈ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਅਗਵਾਈ ਹੇਠ ਕੰਮ ਕਰਦਿਆਂ ਸਾਬਕਾ ਖਿਡਾਰੀਆਂ, ਫੁੱਟਬਾਲ ਪ੍ਰਮੋਟਰਾਂ ਅਤੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਹਿਯੋਗੀਆਂ ਦੇ ਹਰ ਤਰ੍ਹਾਂ ਦੇ ਸਹਿਯੋਗ ਦਾ ਸਵਾਗਤ ਕੀਤਾ ਜਾਵੇਗਾ।

ਧੰਨਵਾਦੀ ਸ਼ਬਦ ਐਸੋਸੀਏਸ਼ਨ ਦੇ ਜਨਰਲ ਸਕੱਤਰ ਇਕਬਾਲ ਸਿੰਘ ਖੇੜਾ ਨੇ ਸਾਂਝੇ ਕੀਤੇ। ਇਸ ਮੌਕੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਮੈਂਬਰਾਂ ਵਿੱਚ ਪ੍ਰਵੀਨ ਕੁਮਾਰ, ਅਮਨਦੀਪ ਸਿੰਘ ਬੈਂਸ, ਕੁਲਵਿੰਦਰ ਕੌਰ, ਪ੍ਰਿੰਸੀਪਲ ਜਗਮੋਹਨ ਸਿੰਘ, ਕੋਚ ਮਨਵੀਰ ਸਿੰਘ ਅਤੇ ਮਨਜੀਤ ਸਿੰਘ ਸੈਦੋਂ ਪੱਟੀ ਹਾਜ਼ਰ ਸਨ।