ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੀ ਗਵਰਨਿੰਗ ਬਾਡੀ ਦੀ ਇੱਕ ਅਹਿਮ ਮੀਟਿੰਗ ਵਣ ਭਵਨ, ਸੈਕਟਰ-68, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਸੂਬੇ ਭਰ ਵਿੱਚ ਗਊ ਵੰਸ਼ ਦੀ ਸਾਂਭ-ਸੰਭਾਲ, ਭਲਾਈ, ਸੁਰੱਖਿਆ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਾਂ ਨਾਲ ਸਬੰਧਤ ਵੱਖ-ਵੱਖ ਪਹਿਲਕਦਮੀਆਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਗਵਰਨਿੰਗ ਬਾਡੀ ਦੇ ਮੈਂਬਰਾਂ ਨੇ ਗਊ ਵੰਸ਼ ਦੀ ਸੁਰੱਖਿਆ ਅਤੇ ਗਊਸ਼ਾਲਾਵਾਂ ਦੀ ਭਲਾਈ ਲਈ ਲਗਾਤਾਰ ਸਹਿਯੋਗ ਦੇਣ ਅਤੇ ਅਹਿਮ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਊ ਵੰਸ਼ ਦੀ ਸੰਭਾਲ, ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ, ਬਿਜਲੀ ਬਿੱਲਾਂ ਦੀ ਮੁਆਫ਼ੀ, ਆਧੁਨਿਕ ਸਹੂਲਤਾਂ ਦੀ ਉਪਲਬਧਤਾ ਅਤੇ ਪਸ਼ੂਆਂ ਦੀ ਬਿਹਤਰ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਲਗਾਤਾਰ ਸਹਿਯੋਗ ਅਤੇ ਸੁਹਿਰਦ ਪਹੁੰਚ ਸਦਕਾ ਗਊਸ਼ਾਲਾਵਾਂ ਦੇ ਪ੍ਰਬੰਧਾਂ ਨੂੰ ਮਜ਼ਬੂਤੀ ਮਿਲੀ ਹੈ ਅਤੇ ਗਊ ਵੰਸ਼ ਦੀ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਵੱਡੀ ਰਾਹਤ ਮਿਲੀ ਹੈ।

ਪੰਜਾਬ ਗਊ ਸੇਵਾ ਕਮਿਸ਼ਨ ਐਕਟ, 2014 ਦੀ ਧਾਰਾ 11 ਤਹਿਤ ਹੋਈ ਇਸ ਮੀਟਿੰਗ ਦੀ ਅਗਵਾਈ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕੀਤੀ। ਉਨ੍ਹਾਂ ਵੀ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਗਊ ਵੰਸ਼ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਇਸ ਖੇਤਰ ਵਿੱਚ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਸੂਬੇ ਦੀਆਂ ਲਗਭਗ 538 ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਨਾਲ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੂਬਾ ਸਰਕਾਰ ਵੱਲੋਂ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਗਊਆਂ ਨੂੰ ਸੁਰੱਖਿਅਤ ਢੰਗ ਨਾਲ ਚੁੱਕਣ ਵਾਲੇ ਵਿਸ਼ੇਸ਼ ਯੰਤਰ ਖਰੀਦ ਕੇ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਰਜਿਸਟਰਡ ਗਊਸ਼ਾਲਾਵਾਂ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਚਾਰੇ ਆਦਿ ਦੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ 61 ਰੁਪਏ ਪ੍ਰਤੀ ਪਸ਼ੂ ਪ੍ਰਤੀ ਦਿਨ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਲਾਗੂ ਕੀਤੀ ਜਾਵੇਗੀ। ਇਹ ਫ਼ੈਸਲਾ 16 ਅਕਤੂਬਰ, 2026 ਨੂੰ ਜਲੰਧਰ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੀਆਂ ਲਗਭਗ 538 ਰਜਿਸਟਰਡ ਗਊਸ਼ਾਲਾਵਾਂ ਵਿੱਚ ਲੱਖਾਂ ਪਸ਼ੂਆਂ ਦੀ ਸਾਂਭ-ਸੰਭਾਲ ਗੈਰ-ਸਰਕਾਰੀ ਸੰਸਥਾਵਾਂ, ਟਰੱਸਟਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ।

ਪਸ਼ੂਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਬਾਰੇ ਉਨ੍ਹਾਂ ਦੱਸਿਆ ਕਿ ਰਜਿਸਟਰਡ ਗਊਸ਼ਾਲਾਵਾਂ ਲਈ ਜ਼ਿਲ੍ਹਾ ਪੱਧਰ ’ਤੇ ਪਸ਼ੂ ਪਾਲਣ ਵਿਭਾਗ ਦੇ ਪਸ਼ੂ ਡਾਕਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਗਊਸ਼ਾਲਾਵਾਂ ਵਿੱਚ ਵਿਸ਼ੇਸ਼ ਪਸ਼ੂ ਮੈਡੀਕਲ ਕੈਂਪ ਵੀ ਲਗਾਏ ਜਾਣਗੇ, ਤਾਂ ਜੋ ਪਸ਼ੂਆਂ ਨੂੰ ਸਮੇਂ ਸਿਰ ਇਲਾਜ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮਿਲ ਸਕਣ।

ਨਾਜਾਇਜ਼ ਗਤੀਵਿਧੀਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਗਊ ਹੱਤਿਆ, ਪਸ਼ੂ ਤਸਕਰੀ ਅਤੇ ਗਊ ਮਾਸ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਸਖ਼ਤ ਕਾਨੂੰਨੀ ਵਿਵਸਥਾਵਾਂ ਲਾਗੂ ਹਨ, ਜਿਨ੍ਹਾਂ ਤਹਿਤ ਸਬੰਧਤ ਅਪਰਾਧਾਂ ਲਈ 10 ਸਾਲ ਤੱਕ ਦੀ ਕੈਦ ਦੀ ਸਜ਼ਾ ਦਾ ਪ੍ਰਬੰਧ ਹੈ। ਇਨ੍ਹਾਂ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਗਊ ਸੁਰੱਖਿਆ ਸੈੱਲ ਸਥਾਪਤ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਨਿਗਰਾਨੀ ਲਈ ਡੀਐੱਸਪੀ ਅਤੇ ਐੱਸਪੀ ਪੱਧਰ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਲਾਡੋਵਾਲੀ ਰੋਡ ਸਥਿਤ ਖੇਤਰੀ ਰੋਗ ਨਿਦਾਨ ਪ੍ਰਯੋਗਸ਼ਾਲਾ (ਆਰਡੀਡੀਐੱਲ) ਨੂੰ ਸ਼ੱਕੀ ਗਊ ਮਾਸ ਦੇ ਨਮੂਨਿਆਂ ਦੀ ਜਾਂਚ ਲਈ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਗਊ ਹੱਤਿਆ ਅਤੇ ਪਸ਼ੂ ਤਸਕਰੀ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਹੋਰ ਮਜ਼ਬੂਤੀ ਮਿਲੇਗੀ। ਪਹਿਲਾਂ ਸੂਬੇ ਵਿੱਚ ਅਜਿਹੀ ਸਮਰਪਿਤ ਜਾਂਚ ਸਹੂਲਤ ਦੀ ਘਾਟ ਕਾਰਨ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਮੁਸ਼ਕਲਾਂ ਆਉਂਦੀਆਂ ਸਨ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਗਊ ਭਲਾਈ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਜ਼ਿਲ੍ਹਾ ਪੱਧਰ ’ਤੇ ਗਊ ਵੰਸ਼ ਦੀ ਭਲਾਈ ਨਾਲ ਸਬੰਧਤ ਗਤੀਵਿਧੀਆਂ ਦਾ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਅਤੇ ਕਮਿਸ਼ਨ ਦੇ ਮੈਂਬਰ ਸਕੱਤਰ ਤੋਂ ਇਲਾਵਾ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਵਿਭਾਗ ਦੇ ਵਿੱਤ ਕਮਿਸ਼ਨਰ ਅਤੇ ਪ੍ਰਮੁੱਖ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿੱਤ ਕਮਿਸ਼ਨਰ ਅਤੇ ਪ੍ਰਮੁੱਖ ਸਕੱਤਰ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਉਪ ਕੁਲਪਤੀ ਅਤੇ ਪੰਜਾਬ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਏ.ਐੱਸ. ਰਾਏ ਨੇ ਬਤੌਰ ਅਹੁਦੇ ਦੇ ਮੈਂਬਰ ਸ਼ਮੂਲੀਅਤ ਕੀਤੀ।

ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰਾਂ ਵਿੱਚ ਸ੍ਰੀ ਅਮਿਤ ਜੈਨ, ਸ੍ਰੀ ਅਰੁਣ ਵਧਵਾ, ਸ੍ਰੀ ਸਾਹਿਲ ਗੋਇਲ, ਸ੍ਰੀ ਜਸਪਾਲ ਚੀਚੀ, ਸ੍ਰੀ ਗੋਪੀ ਸ਼ਰਮਾ, ਸ੍ਰੀ ਸੌਰਭ ਬਹਿਲ ਅਤੇ ਸ੍ਰੀ ਕੁਲਵੰਤ ਵਡਾਲੀ ਸ਼ਾਮਲ ਸਨ।

ਵਿਸ਼ੇਸ਼ ਸੱਦੇ ’ਤੇ ਪਹੁੰਚੇ ਨੁਮਾਇੰਦਿਆਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ ਪ੍ਰਮੁੱਖ ਸਕੱਤਰ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਪ੍ਰਤੀਨਿਧ, ਟਰਾਂਸਪੋਰਟ ਵਿਭਾਗ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸ੍ਰੀਮਤੀ ਵੀਰਾ ਦੇਵੀ, ਡਿਪਟੀ ਕੰਟਰੋਲਰ (ਵਿੱਤ ਅਤੇ ਲੇਖਾ) ਸ਼ਾਮਲ ਸਨ।

ਪੰਜਾਬ ਗਊ ਸੇਵਾ ਕਮਿਸ਼ਨ ਐਕਟ, 2014 ਦੀ ਧਾਰਾ 3 ਤਹਿਤ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਦੇ ਕਾਰਜਾਂ ਨਾਲ ਜੁੜੇ ਸੱਦੇ ਗਏ ਮੈਂਬਰਾਂ ਵਿੱਚ ਸ੍ਰੀ ਰਵੀ ਕਾਂਤ, ਸ੍ਰੀਮਤੀ ਨੀਰੂ ਤੁਲੀ, ਸ੍ਰੀ ਲੱਕੀ ਮਲਹੋਤਰਾ, ਸ੍ਰੀ ਸੰਨੀ ਸਿੰਘ ਆਹਲੂਵਾਲੀਆ, ਸ੍ਰੀ ਭੁਪਿੰਦਰ ਸ਼ਰਮਾ, ਸ੍ਰੀ ਸਤੀਸ਼ ਕੁਮਾਰ, ਸ੍ਰੀਮਤੀ ਵਿਜੇਤਾ (ਮੋਹਾਲੀ) ਅਤੇ ਸ੍ਰੀ ਭਾਰਤ ਭੂਸ਼ਣ (ਰੋਪੜ) ਸ਼ਾਮਲ ਸਨ।

ਅੰਤ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਨੇ ਗਊ ਵੰਸ਼ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪਸ਼ੂਆਂ ਦੀ ਸੁਰੱਖਿਆ ਲਈ ਕਾਨੂੰਨੀ ਵਿਵਸਥਾਵਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨਾਂ, ਪੁਲਿਸ ਵਿਭਾਗ, ਸਬੰਧਤ ਸਰਕਾਰੀ ਵਿਭਾਗਾਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।