ਧੂਰੀ, 11 ਅਕਤੂਬਰ 2026:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕੀਤਾ ਹੈ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਦੇਣ, ਸਰਕਾਰੀ ਸਕੀਮਾਂ ਰਾਹੀਂ ਹਰ ਪਰਿਵਾਰ ਨੂੰ ਹਰ ਮਹੀਨੇ 15,000 ਰੁਪਏ ਦੀ ਬੱਚਤ ਹੋਣ ਅਤੇ ਝੋਨੇ ਦੀ ਖ਼ਰੀਦ ਦਾ ਤੁਰੰਤ ਭੁਗਤਾਨ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਰਿਕਾਰਡ ਆਪਣੇ ਆਪ ਬੋਲਦਾ ਹੈ। ਭਾਜਪਾ ਅਤੇ ਹੋਰ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਅਤੇ ਉਨ੍ਹਾਂ ਦੀ ਇਮਾਨਦਾਰੀ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ’ਤੇ ਛਾਪੇਮਾਰੀ ਤੋਂ ਬਾਅਦ ਸੀ.ਬੀ.ਆਈ. ਖਾਲੀ ਹੱਥ ਪਰਤੀ ਸੀ। ਉਨ੍ਹਾਂ ਮੁੜ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ।

‘ਐਕਸ’ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਅੱਜ ਮੈਂ ਧੂਰੀ ਹਲਕੇ ਦੇ ਇਨਕਲਾਬੀ ਪਿੰਡ ਮੀਮਸਾ ਵਿਖੇ ਪਿੰਡ ਦੇ ਇਕੱਠ ਵਿੱਚ ਆਪਣੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦਿਲ ਦੀਆਂ ਗੱਲਾਂ ਕੀਤੀਆਂ। ਤੁਹਾਡੇ ਨਿੱਘੇ ਪਿਆਰ ਅਤੇ ਸਹਿਯੋਗ ਸਦਕਾ ਹੀ ਧੂਰੀ ਅੱਜ ਪੰਜਾਬ ਦੀ ਸਿਆਸਤ ਦਾ ‘ਧੁਰਾ’ ਬਣ ਗਿਆ ਹੈ। ਪਿਛਲੀਆਂ ਸਰਕਾਰਾਂ ਦੇ ਖੋਖਲੇ ਦਾਅਵਿਆਂ ਦੇ ਉਲਟ ਅਸੀਂ ਜ਼ਮੀਨੀ ਪੱਧਰ ’ਤੇ ਵੱਡੇ ਕੰਮ ਕੀਤੇ ਹਨ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਸਿੰਚਾਈ ਰਾਹੀਂ 88 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, 70,685 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹਨ ਅਤੇ ਜ਼ੀਰੋ ਬਿਜਲੀ ਬਿੱਲਾਂ ਨਾਲ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਹੋ ਰਿਹਾ ਹੈ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਾਵਾਂ-ਭੈਣਾਂ ਨੂੰ ਦਿੱਤੀ ਜਾ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਉਨ੍ਹਾਂ ਦੇ ਬਣਦੇ ਮਾਣ-ਸਤਿਕਾਰ ਦੀ ਪਛਾਣ ਹੈ। ਤੁਹਾਡੇ ਆਸ਼ੀਰਵਾਦ ਨਾਲ ਅਸੀਂ ਵਾਹਿਗੁਰੂ ਵੱਲੋਂ ਸੌਂਪੀ ਗਈ ਲੋਕ ਸੇਵਾ ਦੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਰਹਾਂਗੇ। ਇਨਕਲਾਬ ਜ਼ਿੰਦਾਬਾਦ।”

‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਵਾਅਦੇ ਕਰਨ ਵਾਲੀਆਂ ਸਰਕਾਰਾਂ ਅਤੇ ਨਤੀਜੇ ਦੇਣ ਵਾਲੀ ਸਰਕਾਰ ਵਿਚਲਾ ਫ਼ਰਕ ਦੇਖਿਆ ਹੈ। ਅਸੀਂ ਪਿਛਲੇ ਸਾਢੇ ਚਾਰ ਸਾਲਾਂ ਦੇ ਆਪਣੇ ਕੰਮਾਂ ਰਾਹੀਂ ਉਨ੍ਹਾਂ ਦਾ ਵਿਸ਼ਵਾਸ ਜਿੱਤਿਆ ਹੈ। ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਵਿਕਾਸ, ਬਿਹਤਰ ਜਨਤਕ ਸੇਵਾਵਾਂ ਅਤੇ ਲੋਕ ਭਲਾਈ ਦੀਆਂ ਪਹਿਲਕਦਮੀਆਂ ਰਾਹੀਂ ਉਨ੍ਹਾਂ ਦਾ ਪੈਸਾ ਉਨ੍ਹਾਂ ਤੱਕ ਵਾਪਸ ਪਹੁੰਚੇ।”

ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਹ ਪੈਸਾ ਉਨ੍ਹਾਂ ਦੀ ਭਲਾਈ ’ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਸੂਬੇ ਦੇ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ। 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ।”

ਉਨ੍ਹਾਂ ਕਿਹਾ, “ਸਾਡੀ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਬਿਨਾਂ ਭ੍ਰਿਸ਼ਟਾਚਾਰ ਦੇ 70,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਹੈ, ਸਕੂਲਾਂ ਅਤੇ ਹਸਪਤਾਲਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਟੋਲ ਪਲਾਜ਼ੇ ਬੰਦ ਕੀਤੇ ਹਨ, ਤਾਂ ਜੋ ਰਾਹਗੀਰਾਂ ਦੇ ਰੋਜ਼ਾਨਾ 70 ਲੱਖ ਰੁਪਏ ਬਚਾਏ ਜਾ ਸਕਣ, ਜੋ ਪਹਿਲਾਂ ਬਿਨਾਂ ਕਿਸੇ ਵਜ੍ਹਾ ਖ਼ਰਚ ਹੁੰਦੇ ਸਨ। ਅਸੀਂ ਪਿੰਡਾਂ ਦਾ ਵਿਕਾਸ ਵੀ ਕਰ ਰਹੇ ਹਾਂ ਅਤੇ ਖੇਡ ਸਟੇਡੀਅਮ ਬਣਾ ਰਹੇ ਹਾਂ, ਤਾਂ ਜੋ ਸਾਡੇ ਨੌਜਵਾਨ ਖੇਡਾਂ ’ਤੇ ਧਿਆਨ ਕੇਂਦਰਿਤ ਕਰ ਸਕਣ ਅਤੇ ਬਿਹਤਰ ਭਵਿੱਖ ਬਣਾ ਸਕਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਹਤ ਸੰਭਾਲ ਹਰ ਪਰਿਵਾਰ ਦੀ ਪਹੁੰਚ ਵਿੱਚ ਹੋਣੀ ਚਾਹੀਦੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਅਸੀਂ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੇ ਹਾਂ। ਇਸ ਪਹਿਲਕਦਮੀ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਹਸਪਤਾਲ ਦੇ ਬਿੱਲਾਂ ਦੀ ਚਿੰਤਾ ਕੀਤੇ ਬਿਨਾਂ ਮਿਆਰੀ ਡਾਕਟਰੀ ਇਲਾਜ ਕਰਵਾ ਸਕਣ।”

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ 1 ਜੁਲਾਈ ਤੋਂ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਇਹ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਗਈ ਹੈ ਅਤੇ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਲਈ ਯੋਗ ਹਨ।” ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਔਰਤਾਂ ਲਈ ਮਾਣ-ਸਤਿਕਾਰ ਅਤੇ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਔਰਤਾਂ ਨੂੰ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਮਿਲ ਰਹੀ ਹੈ। 97 ਫ਼ੀਸਦੀ ਔਰਤਾਂ ਨੂੰ ਲਾਭ ਮਿਲਣ ਦੀ ਉਮੀਦ ਨਾਲ ਇਹ ਯੋਜਨਾ ਪੂਰੇ ਪੰਜਾਬ ਦੇ ਪਰਿਵਾਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਗ਼ਰੀਬੀ ਦੂਰ ਕਰਨ ਅਤੇ ਜੀਵਨ ਪੱਧਰ ਸੁਧਾਰਨ ਲਈ ਸਿੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਵਿੱਚ ਸੁਧਾਰ ਕਰਨ ਅਤੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਸਮਰੱਥ ਬਣਾਉਣ ਲਈ ਅਧਿਆਪਕਾਂ ਦੀ ਸਿਖਲਾਈ, ‘ਸਕੂਲਜ਼ ਆਫ਼ ਐਮੀਨੈਂਸ’ ਅਤੇ ਹੋਰ ਪਹਿਲਕਦਮੀਆਂ ਵਿੱਚ ਨਿਵੇਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਮੁਫ਼ਤ ਸਕੀਮਾਂ ਅਤੇ ਰਿਆਇਤੀ ਕਾਰਡ ਰਾਹਤ ਦੇ ਸਕਦੇ ਹਨ, ਪਰ ਗ਼ਰੀਬੀ ਦੇ ਚੱਕਰ ਨੂੰ ਤੋੜਨ ਦੀ ਕੁੰਜੀ ਸਿੱਖਿਆ ਹੀ ਹੈ। ਮਿਆਰੀ ਸਿੱਖਿਆ ਲੋਕਾਂ ਨੂੰ ਸਮਰੱਥ ਬਣਾਉਂਦੀ ਹੈ, ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਦੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਮੌਕੇ ਪੈਦਾ ਕਰਦੀ ਹੈ। ਇਸੇ ਲਈ ਅਸੀਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਬੱਚਿਆਂ ਨੂੰ ਬਿਹਤਰ ਮੌਕੇ ਦੇਣ ਲਈ ਅਣਥੱਕ ਮਿਹਨਤ ਕਰ ਰਹੇ ਹਾਂ।”

ਉਨ੍ਹਾਂ ਕਿਹਾ, “ਸਰਕਾਰੀ ਸਕੂਲਾਂ ਦੇ ਨੀਟ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2021 ਵਿੱਚ 80 ਤੋਂ ਵਧ ਕੇ 2026 ਵਿੱਚ 882 ਹੋਣਾ ਸਿੱਖਿਆ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦਾ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਹਾਂ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਦੇਸ਼ ਵਿੱਚ ਕਿਤੇ ਵੀ ਦੂਜੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜਿੱਥੇ ਪਹਿਲਾਂ ਕਦੇ ਪਾਣੀ ਨਹੀਂ ਪਹੁੰਚਿਆ ਸੀ। ਅਸੀਂ ਸਿੰਚਾਈ ਸਹੂਲਤਾਂ ਦੇ ਵਿਸਥਾਰ ਲਈ 7,200 ਕਰੋੜ ਰੁਪਏ ਖ਼ਰਚ ਕੀਤੇ ਹਨ ਅਤੇ ਨਹਿਰੀ ਪਾਣੀ ਪ੍ਰਾਪਤ ਕਰਨ ਵਾਲਾ ਰਕਬਾ 2022 ਵਿੱਚ 20.89 ਲੱਖ ਏਕੜ ਤੋਂ ਵਧ ਕੇ ਅੱਜ 60.30 ਲੱਖ ਏਕੜ ਹੋ ਗਿਆ ਹੈ। ਨਹਿਰੀ ਸਿੰਚਾਈ ਕਿਸਾਨਾਂ ’ਤੇ ਬੋਝ ਘਟਾਉਣ ਅਤੇ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ।”

ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਸੇਵਾ ਨੂੰ ਆਪਣਾ ਮੁੱਖ ਮਿਸ਼ਨ ਬਣਾਇਆ ਹੈ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਅਜਿਹੀਆਂ ਸਰਕਾਰਾਂ ਦੇਖੀਆਂ ਹਨ, ਜੋ ਆਪਣੇ ਹਿੱਤਾਂ ਦੀ ਪੂਰਤੀ ਵਿੱਚ ਹੀ ਰੁੱਝੀਆਂ ਰਹੀਆਂ। ਅਸੀਂ ਲੋਕ ਸੇਵਾ ਨੂੰ ਆਪਣਾ ਇੱਕੋ-ਇੱਕ ਮਿਸ਼ਨ ਬਣਾਇਆ ਹੈ। ਸਾਡੀ ਵਚਨਬੱਧਤਾ ਪੰਜਾਬ ਦੀ ਤਰੱਕੀ ਲਈ ਹੈ ਅਤੇ ਅਸੀਂ ਕਿਸਾਨਾਂ ਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕੰਮ ਜਾਰੀ ਰੱਖਾਂਗੇ।”

ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਸਕੀਮਾਂ ਹਰ ਪਰਿਵਾਰ ਨੂੰ ਹਰ ਮਹੀਨੇ ਲਗਭਗ 15,000 ਰੁਪਏ ਬਚਾਉਣ ਵਿੱਚ ਮਦਦ ਕਰ ਰਹੀਆਂ ਹਨ। ਇਹ ਘਰੇਲੂ ਬਜਟ ਲਈ ਅਸਲ ਰਾਹਤ ਹੈ ਅਤੇ ਆਮ ਲੋਕਾਂ ਦੇ ਹੱਥਾਂ ਵਿੱਚ ਵਧੇਰੇ ਪੈਸਾ ਛੱਡਦੀ ਹੈ। ਅਸੀਂ ਇਹ ਵੀ ਯਕੀਨੀ ਬਣਾਇਆ ਹੈ ਕਿ ਕਿਸਾਨਾਂ ਨੂੰ ਮੰਡੀ ਤੋਂ ਘਰ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਝੋਨੇ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਜਾਵੇ।” ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿੱਤੀ ਬੇਯਕੀਨੀ ਤੋਂ ਬਚਾਉਣ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਮੁੱਲ ਯਕੀਨੀ ਬਣਾਉਣ ਲਈ ਸਮੇਂ ਸਿਰ ਅਦਾਇਗੀ ਬਹੁਤ ਜ਼ਰੂਰੀ ਹੈ।

ਸਿਆਸੀ ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜੋ ਲੋਕ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਦੀ ਸਰਕਾਰ ਨੂੰ ਚੁਣੌਤੀ ਦੇਣ ਵਿੱਚ ਅਸਮਰੱਥ ਹਨ, ਉਹ ਨਿੱਜੀ ਹਮਲਿਆਂ ਅਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਦਾ ਸਹਾਰਾ ਲੈ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, “ਜਦੋਂ ਉਹ ਮੇਰੇ ਕੰਮ ਵਿੱਚ ਕੋਈ ਕਮੀ ਨਹੀਂ ਲੱਭ ਸਕਦੇ ਜਾਂ ਮੇਰੀ ਇਮਾਨਦਾਰੀ ਨੂੰ ਚੁਣੌਤੀ ਨਹੀਂ ਦੇ ਸਕਦੇ, ਤਾਂ ਉਹ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ। ਮੇਰੀ ਇਮਾਨਦਾਰੀ ਉਨ੍ਹਾਂ ਲੋਕਾਂ ਲਈ ਸਮੱਸਿਆ ਬਣ ਗਈ ਹੈ, ਜੋ ਸੁਆਰਥੀ ਸਿਆਸਤ ਦੇ ਆਦੀ ਹਨ। ਪਰ ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ ਕੋਈ ਵੀ ਸਿਆਸੀ ਪ੍ਰਚਾਰ ਉਨ੍ਹਾਂ ਲਈ ਕੀਤੇ ਗਏ ਸਾਡੇ ਕੰਮਾਂ ਨੂੰ ਮਿਟਾ ਨਹੀਂ ਸਕਦਾ।”

ਆਪਣੇ ਦਫ਼ਤਰ ’ਤੇ ਸੀ.ਬੀ.ਆਈ. ਦੀ ਛਾਪੇਮਾਰੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਸੋਚਦੀ ਸੀ ਕਿ ਛਾਪੇਮਾਰੀ ਅਤੇ ਦਬਾਅ ਮੈਨੂੰ ਡਰਾ ਦੇਣਗੇ, ਪਰ ਮੇਰੇ ਦਫ਼ਤਰ ’ਤੇ ਛਾਪੇਮਾਰੀ ਤੋਂ ਬਾਅਦ ਸੀ.ਬੀ.ਆਈ. ਖਾਲੀ ਹੱਥ ਪਰਤੀ। ਮੈਂ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕਰਾਂਗਾ। ਮੇਰੀ ਤਾਕਤ ਲੋਕਾਂ ਦੇ ਵਿਸ਼ਵਾਸ ਤੋਂ ਆਉਂਦੀ ਹੈ ਅਤੇ ਮੈਂ ਇਮਾਨਦਾਰੀ ਤੇ ਦ੍ਰਿੜ੍ਹਤਾ ਨਾਲ ਉਨ੍ਹਾਂ ਦੀ ਸੇਵਾ ਕਰਦਾ ਰਹਾਂਗਾ।”

ਮੁੱਖ ਮੰਤਰੀ ਨੇ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਆਪ ਨੂੰ ਦਫ਼ਤਰਾਂ ਅਤੇ ਰਸਮੀ ਮੀਟਿੰਗਾਂ ਤੱਕ ਸੀਮਤ ਰੱਖਣ ਦੀ ਬਜਾਏ ਲੋਕਾਂ ਦੀ ਪਹੁੰਚ ਵਿੱਚ ਰਹਿਣਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਰਿਹਾਇਸ਼ ਦੇ ਦਰਵਾਜ਼ੇ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਰਹੇ ਹਨ ਅਤੇ ਅੱਗੇ ਵੀ ਖੁੱਲ੍ਹੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕ ਮੇਰੇ ਲਈ ਬਾਹਰਲੇ ਨਹੀਂ ਹਨ; ਉਹ ਮੇਰਾ ਆਪਣਾ ਪਰਿਵਾਰ ਹਨ। ਮੇਰੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਰਹੇ ਹਨ ਅਤੇ ਹਮੇਸ਼ਾ ਖੁੱਲ੍ਹੇ ਰਹਿਣਗੇ। ਜਨਤਕ ਅਹੁਦਾ ਸੰਭਾਲਣ ਦਾ ਅਸਲ ਮਕਸਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਹੱਲ ਲੱਭਣ ਲਈ ਕੰਮ ਕਰਨਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੜ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬੀਆਂ ਦੀਆਂ ਆਸਾਂ ਪੂਰੀਆਂ ਕਰਨ ਲਈ ਸਮਰਪਣ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਹੋਇਆ ਵਿਕਾਸ ਅਤੇ ਤਰੱਕੀ ਇੱਕ ਖੁਸ਼ਹਾਲ, ਆਤਮ-ਨਿਰਭਰ ਅਤੇ ਵਿਕਸਿਤ ਪੰਜਾਬ ਦੀ ਸਿਰਜਣਾ ਵੱਲ ਵੱਡਾ ਕਦਮ ਹੈ, ਜਿੱਥੇ ਸਮਾਜ ਦਾ ਹਰ ਵਰਗ ਮਾਣ ਅਤੇ ਵਿਸ਼ਵਾਸ ਨਾਲ ਜੀਵਨ ਬਤੀਤ ਕਰ ਸਕੇ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਆਖ਼ਰਕਾਰ ਹਰ ਸਿਆਸੀ ਪਾਰਟੀ ਦੇ ਜਨਤਕ ਸੇਵਾ ਦੇ ਰਿਕਾਰਡ ਦੇ ਆਧਾਰ ’ਤੇ ਉਸ ਦਾ ਮੁਲਾਂਕਣ ਕਰਨਗੇ। ਅਸੀਂ ਖੋਖਲੇ ਦਾਅਵਿਆਂ ਦੀ ਬਜਾਏ ਠੋਸ ਨਤੀਜਿਆਂ, ਪਾਰਦਰਸ਼ਤਾ ਅਤੇ ਜਵਾਬਦੇਹੀ ’ਤੇ ਧਿਆਨ ਕੇਂਦਰਿਤ ਕਰਦੇ ਰਹਾਂਗੇ। ਸਾਡੀ ਵਚਨਬੱਧਤਾ ਇੱਕ ਖੁਸ਼ਹਾਲ ਪੰਜਾਬ ਬਣਾਉਣ ਦੀ ਹੈ, ਜਿੱਥੇ ਹਰ ਵਿਅਕਤੀ ਮਾਣ ਅਤੇ ਵਿਸ਼ਵਾਸ ਨਾਲ ਰਹਿ ਸਕੇ।”