ਬਲਾਚੌਰ, 24 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪੰਜਾਬ ਦੀ ਸਿਆਸਤ ਵਿੱਚ ਲੰਬੇ ਸਮੇਂ ਬਾਅਦ ਫਿਰ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਨੂੰ ਲੋਕ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੀ ਨਵੀਂ ਸ਼ੁਰੂਆਤ ਮੰਨ ਰਹੇ ਹਨ।
ਭਾਜਪਾ ਦੇ ਸੀਨੀਅਰ ਆਗੂ ਵਿਜੇ ਭਾਟੀਆ ਨੇ ਕਿਹਾ ਕਿ ਅੱਜ ਪੰਜਾਬ ਇੱਕ ਦੋ-ਰਾਹੇ ’ਤੇ ਖੜ੍ਹਾ ਹੈ। ਇੱਕ ਪਾਸੇ ਨਸ਼ਾ, ਗੈਂਗਸਟਰਵਾਦ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਵਿਗੜਦੀ ਕਾਨੂੰਨ-ਵਿਵਸਥਾ ਵਰਗੀਆਂ ਚੁਣੌਤੀਆਂ ਹਨ, ਜਦਕਿ ਦੂਜੇ ਪਾਸੇ ਲੋਕਾਂ ਦੀਆਂ ਉਮੀਦਾਂ ਹਨ। ਅਜਿਹੇ ਸਮੇਂ ਵਿੱਚ ਦੋ ਪੁਰਾਣੀਆਂ ਅਤੇ ਤਜਰਬੇਕਾਰ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਲਈ ਇੱਕ ਮਜ਼ਬੂਤ ਬਦਲ ਬਣ ਸਕਦਾ ਹੈ।
ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਸਿਰਫ਼ ਵਾਅਦੇ ਨਹੀਂ, ਸਗੋਂ ਨਤੀਜੇ ਚਾਹੀਦੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਚਾਹੀਦਾ ਹੈ, ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਚਾਹੀਦਾ ਹੈ, ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਚਾਹੀਦਾ ਹੈ ਅਤੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਨਮਾਨ ਚਾਹੀਦਾ ਹੈ। ਇਹੀ ਮੁੱਦੇ ਇਸ ਗੱਠਜੋੜ ਦੀ ਅਸਲ ਪ੍ਰੀਖਿਆ ਹੋਣਗੇ।
ਵਿਜੇ ਭਾਟੀਆ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਅੱਜ ਵੀ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹੈ। ਜੇਕਰ ਇਸੇ ਸੋਚ ਨਾਲ ਸਿਆਸਤ ਕੀਤੀ ਜਾਵੇ ਤਾਂ ਪੰਜਾਬ ਨੂੰ ਨਸ਼ਾ ਮੁਕਤ, ਗੈਂਗਸਟਰ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਕੋਈ ਮੁਸ਼ਕਲ ਕੰਮ ਨਹੀਂ।
ਉਨ੍ਹਾਂ ਭਰੋਸਾ ਜਤਾਇਆ ਕਿ ਇਹ ਗੱਠਜੋੜ ਪੰਜਾਬ ਨੂੰ ਮੁੜ ਦੇਸ਼ ਦੇ ਮੋਹਰੀ ਸੂਬਿਆਂ ਦੀ ਕਤਾਰ ਵਿੱਚ ਲਿਆਉਣ ਲਈ ਅਹਿਮ ਭੂਮਿਕਾ ਨਿਭਾਏਗਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ।
