ਐਸ ਏ ਐਸ ਨਗਰ, 23 ਦਸੰਬਰ - ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਮੁਹਾਲੀ ਨਗਰ ਨਿਗਮ ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਨਗਰ ਨਿਗਮ ਮੁਹਾਲੀ ਉੱਤੇ ਕਾਬਜ਼ ਕਾਂਗਰਸ ਪਾਰਟੀ ਦੋਹਾਂ ਨੂੰ ਬਰਾਬਰ ਦਾ ਜਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਜੇਕਰ ਇਹ ਸਰਕਾਰ ਨਿਗਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਕਾਰਵਾਈ ਨਹੀਂ ਕਰਦੀ ਤਾਂ ਲੋਕਾਂ ਵਿੱਚ ਇਹੀ ਸੰਦੇਸ਼ ਜਾਵੇਗਾ ਕਿ ਇਹ ਸਰਕਾਰ ਵੀ ਭ੍ਰਿਸ਼ਟਾਚਾਰੀਆਂ ਨਾਲ ਮਿਲੀ ਹੋਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਵਿੱਚ ਚਲਦੇ ਭਰਿਸ਼ਟਾਚਾਰ ਦੇ ਦੋਸ਼ ਖੁਦ ਸਾਬਕਾ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਮਨਜੀਤ ਸਿੰਘ ਸੇਠੀ ਨੇ ਲਗਾਏ ਹਨ। ਉਹਨਾਂ ਕਿਹਾ ਕਿ ਸਾਬਕਾ ਡਿਪਟੀ ਮੇਅਰ ਵੱਲੋਂ ਮੁੱਖ ਮੰਤਰੀ ਸਮੇਤ ਵਿਜੀਲੈਂਸ ਅਤੇ ਸਥਾਨਕ ਸਰਕਾਰ ਵਿਭਾਗ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਸ਼ਿਕਾਇਤ ਵੀ ਦਿੱਤੀ ਗਈ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਹੋਰ ਤਾਂ ਹੋਰ ਬੀਤੇ ਕੱਲ ਦੀ ਮੀਟਿੰਗ ਵਿੱਚ ਤਾਂ ਇੱਕ ਕਾਂਗਰਸੀ ਕੌਂਸਲਰ ਨੇ ਵੀ ਨਗਰ ਨਿਗਮ ਵਿੱਚ ਭਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਇਥੋਂ ਤੱਕ ਕਿਹਾ ਹੈ ਕਿ ਉਹਨਾਂ ਕੋਲ ਇਸ ਦੇ ਸਬੂਤ ਵੀ ਹਨ। ਉਹਨਾਂ ਸਵਾਲ ਕੀਤਾ ਕਿ ਅਖੀਰ ਪੰਜਾਬ ਸਰਕਾਰ ਦੀ ਅਜਿਹੀ ਕਿਹੜੀ ਮਜਬੂਰੀ ਹੈ ਕਿ ਇਹਨਾਂ ਸ਼ਿਕਾਇਤਾਂ ਉੱਤੇ ਕਾਰਵਾਈ ਨਹੀਂ ਕੀਤੀ ਜਾ ਰਹੀ।
ਉਹਨਾਂ ਕਿਹਾ ਕਿ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਹਰ ਪੱਧਰ ਤੇ ਫੇਲ ਹੋ ਚੁੱਕੇ ਹਨ। ਸz. ਸੋਹਾਣਾ ਨੇ ਕਿਹਾ ਕਿ ਪਿਛਲੀ ਵਾਰ ਦੀ ਨਗਰ ਨਿਗਮ ਵਿੱਚ ਜਦੋਂ ਉਹ ਖੁਦ ਵੀ ਕੌਂਸਲਰ ਸਨ, ਆਪਣੇ ਸਮੇਂ ਦੌਰਾਨ ਨਗਰ ਨਿਗਮ ਕੋਲ ਕਰੋੜਾਂ ਰੁਪਏ ਦੀ ਐਫ ਡੀ ਛੱਡ ਕੇ ਗਏ ਸਨ। ਉਹਨਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਇਹ ਸਾਰੇ ਪੈਸੇ ਖੁਰਦ ਬੁਰਦ ਹੋ ਚੁੱਕੇ ਹਨ ਅਤੇ ਵਿਕਾਸ ਕਾਰਜ ਕਰਵਾਉਣਾ ਤਾਂ ਦੂਰ ਦੀ ਗੱਲ ਹੈ, ਨਗਰ ਨਿਗਮ ਕੋਲ ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਵੀ ਪੈਸੇ ਨਹੀਂ ਹਨ।
ਉਹਨਾਂ ਕਿਹਾ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਇਸ ਸਬੰਧੀ ਆਪਣੀ ਨੈਤਿਕ ਜਿੰਮੇਵਾਰੀ ਸਵੀਕਾਰ ਕਰਦੇ ਹੋਏ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਹਨਾਂ ਮੰਗ ਕੀਤੀ ਕਿ ਨਗਰ ਨਿਗਮ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨਗਰ ਨਿਗਮ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਖਿਲਾਫ ਕਾਰਵਾਈ ਨਹੀਂ ਕੇਗੀ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਦੇ ਖਿਲਾਫ ਸੰਘਰਸ਼ ਕਰੇਗਾ ਅਤੇ ਲੋੜ ਪਈ ਤਾਂ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।
ਮੁਹਾਲੀ ਨਗਰ ਨਿਗਮ ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਬਰਾਬਰ ਦੇ ਜਿੰਮੇਵਾਰ : ਪਰਵਿੰਦਰ ਸਿੰਘ ਸੋਹਾਣਾ
