ਚੰਡੀਗੜ੍ਹ:- ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 8 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਦੀ ਤਿੰਨ ਫ਼ੀਸਦੀ ਕਿਸ਼ਤ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਧਿਆ ਹੋਇਆ ਡੀ.ਏ. ਦਸੰਬਰ ਦੀ ਤਨਖ਼ਾਹ ਅਤੇ ਪੈਨਸ਼ਨ ਦੇ ਨਾਲ ਦਿੱਤਾ ਜਾਵੇਗਾ।
ਇਸ ਫ਼ੈਸਲੇ ਨਾਲ ਸੂਬਾ ਸਰਕਾਰ ਨੇ ਦੋ ਮਹੀਨਿਆਂ ਵਿੱਚ ਮੁਲਾਜ਼ਮਾਂ ਦੇ ਡੀ.ਏ. ਵਿੱਚ 11 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2022 ਵਿੱਚ ਮੁਲਾਜ਼ਮਾਂ ਨੂੰ 28 ਫ਼ੀਸਦੀ ਡੀ.ਏ. ਦਿੱਤਾ ਜਾਂਦਾ ਸੀ, ਜੋ ਸਾਲ 2026 ਵਿੱਚ ਵਧ ਕੇ 53 ਫ਼ੀਸਦੀ ਹੋ ਗਿਆ ਹੈ। ਇਸ ਨਾਲ ਮੁਲਾਜ਼ਮਾਂ ਨੂੰ ਹਰ ਮਹੀਨੇ 363 ਕਰੋੜ ਰੁਪਏ ਦਾ ਲਾਭ ਹੋਵੇਗਾ, ਜਦਕਿ ਕੁੱਲ 11 ਫ਼ੀਸਦੀ ਡੀ.ਏ. ਦੇ ਵਾਧੇ ਨਾਲ ਮੁਲਾਜ਼ਮਾਂ ਨੂੰ ਸਾਲਾਨਾ 3,988 ਕਰੋੜ ਰੁਪਏ ਦਾ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਸਕੀਮਾਂ ਤੋਂ ਵਧੇਰੇ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਖ਼ਾਲੀ ਹੈ, ਜਦਕਿ ਪੁਰਾਣੀਆਂ ਸਰਕਾਰਾਂ ਹਮੇਸ਼ਾ ਖ਼ਜ਼ਾਨਾ ਖ਼ਾਲੀ ਹੋਣ ਦਾ ਦਾਅਵਾ ਕਰਦੀਆਂ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ 71,777 ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਦਿੱਤੀਆਂ ਹਨ।
ਤਿੰਨ ਵਿਧਾਇਕਾਂ ਦੇ ਭਾਜਪਾ ਵਿੱਚ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਐੱਮ.ਐੱਲ.ਏ. ਬਣਨਾ ਸਿਰਫ਼ ਸਿਆਸਤ ਨਹੀਂ ਹੈ, ਸਗੋਂ ਆਪਣੀ ਪਾਰਟੀ ਦੇ ਨਾਲ ਖੜ੍ਹਨਾ ਵੀ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਜਾਣ ਵਾਲੇ ਵਿਧਾਇਕਾਂ ਨੂੰ ਪਤਾ ਲੱਗ ਜਾਵੇਗਾ ਕਿ ਉੱਥੇ ਆਗੂਆਂ ਦੀ ਕਿੰਨੀ ਕੁ ਇੱਜ਼ਤ ਹੁੰਦੀ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਵਿੱਚ ਗਏ ਸਨ, ਪਰ ਉਨ੍ਹਾਂ ਨੂੰ ਕਦੇ ਪੁੱਛਿਆ ਨਹੀਂ ਗਿਆ। ਸਗੋਂ ਕੈਪਟਨ ਅਮਰਿੰਦਰ ਸਿੰਘ ਖ਼ੁਦ ਕਹਿ ਰਹੇ ਹਨ ਕਿ ਉਨ੍ਹਾਂ ਤੋਂ ਪਟਿਆਲਾ ਬਾਰੇ ਵੀ ਕੋਈ ਸਲਾਹ ਨਹੀਂ ਲਈ ਜਾਂਦੀ।
ਸੂਬੇ ਵਿੱਚ ਚੱਲ ਰਹੀ ਈ.ਡੀ. ਦੀ ਛਾਪੇਮਾਰੀ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਈ.ਡੀ. ਅਤੇ ਸੀ.ਬੀ.ਆਈ. ਦੇ ਛਾਪਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਚੋਣਾਂ ਨੇੜੇ ਆ ਗਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਚੋਣਾਂ ਨੇੜੇ ਆਉਣ ’ਤੇ ਈ.ਡੀ. ਅਤੇ ਸੀ.ਬੀ.ਆਈ. ਦੀ ਛਾਪੇਮਾਰੀ ਵਧਾ ਦਿੱਤੀ ਜਾਂਦੀ ਹੈ ਅਤੇ ਹੁਣ ਉਸੇ ਤਰ੍ਹਾਂ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
