ਡੇਰਾਬੱਸੀ, (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਅਗਸਤ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਰਾਜੋਮਾਜਰਾ, ਹੁੰਬੜਾ ਅਤੇ ਹੰਸਾਲਾ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਲਗਭਗ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਅਤੇ ਜਾਗਰੂਕਤਾ ਗਤੀਵਿਧੀਆਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਸਮਾਜ ਨੂੰ ਆਪਸੀ ਭਾਈਚਾਰੇ, ਸਮਾਨਤਾ, ਮਨੁੱਖਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।
ਵਿਧਾਇਕ ਸ੍ਰੀ ਰੰਧਾਵਾ ਨੇ ਕਿਹਾ ਕਿ ਇਸ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਸਮਾਨਤਾ, ਸੱਚਾਈ, ਮਿਹਨਤ ਅਤੇ ਮਨੁੱਖੀ ਭਾਈਚਾਰੇ ਦੇ ਮਾਰਗ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ ਅਤੇ ਇੱਕ ਬਰਾਬਰੀ ਵਾਲੇ ਸਮਾਜ ਦੀ ਸਥਾਪਨਾ ਲਈ ਪ੍ਰੇਰਿਤ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸੰਦੇਸ਼ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਆਪਸੀ ਪਿਆਰ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ।
ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦੇ ਪ੍ਰਦਰਸ਼ਨ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਘਰਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਕੁਲਜੀਤ ਸਿੰਘ ਰੰਧਾਵਾ
