ਨਵਾਂਸ਼ਹਿਰ, 12 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਸੂਬਾ ਸਰਕਾਰ ਦੀ ਪਰਾਲੀ ਪ੍ਰਬੰਧਨ ਨੀਤੀ ’ਤੇ ਸਵਾਲ ਉਠਾਉਂਦਿਆਂ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪਰਾਲੀ ਪ੍ਰਬੰਧਨ ਲਈ ਕੀਤੇ ਗਏ ਉਪਰਾਲਿਆਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਜਵਾਬ ਦੇਣਾ ਚਾਹੀਦਾ ਹੈ। ਅਸ਼ੋਕ ਨਾਨੋਵਾਲ ਨੇ ਸਰਕਾਰ ਕੋਲੋਂ ਪੰਜ ਸਵਾਲਾਂ ਦੇ ਜਵਾਬ ਮੰਗਦਿਆਂ ਪੁੱਛਿਆ ਕਿ ਵੱਡੇ ਪੱਧਰ ’ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ਦੇ ਬਾਵਜੂਦ ਬਾਇਓ-ਡੀਕੰਪੋਜ਼ਰ ਦੀ ਵਰਤੋਂ ਕਿੰਨੇ ਏਕੜ ਰਕਬੇ ਵਿੱਚ ਕੀਤੀ ਗਈ ਅਤੇ ਇਸ ਦੇ ਕੀ ਨਤੀਜੇ ਸਾਹਮਣੇ ਆਏ।
ਉਨ੍ਹਾਂ ਪੁੱਛਿਆ ਕਿ ਸੀ.ਆਰ.ਐੱਮ. ਯੋਜਨਾ ਤਹਿਤ ਸਾਲ 2025-26 ਤੱਕ ਪ੍ਰਾਪਤ ਹੋਏ 2,056.50 ਕਰੋੜ ਰੁਪਏ ਕਿੱਥੇ ਖਰਚ ਕੀਤੇ ਗਏ ਅਤੇ ਇਸ ਰਾਸ਼ੀ ਵਿੱਚੋਂ ਕਿਸਾਨਾਂ ਤੱਕ ਕਿੰਨੀ ਵਿੱਤੀ ਸਹਾਇਤਾ ਪਹੁੰਚੀ। ਇਸ ਤੋਂ ਇਲਾਵਾ ਉਨ੍ਹਾਂ ਸਵਾਲ ਕੀਤਾ ਕਿ ਖੇਤੀਬਾੜੀ ਵਿਭਾਗ ਕੋਲ ਦਰਜ 94,456 ਮਸ਼ੀਨਾਂ ਵਿੱਚੋਂ ਕਿੰਨੀਆਂ ਮਸ਼ੀਨਾਂ ਚਾਲੂ ਹਾਲਤ ਵਿੱਚ ਹਨ ਅਤੇ ਕਿੰਨੇ ਕਸਟਮ ਹਾਇਰਿੰਗ ਸੈਂਟਰ ਕਿਸਾਨਾਂ ਨੂੰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਹਰਿਆਣਾ ਸਰਕਾਰ ਦੀ ਮਿਸਾਲ ਦਿੰਦਿਆਂ ਅਸ਼ੋਕ ਨਾਨੋਵਾਲ ਨੇ ਪੁੱਛਿਆ ਕਿ ਜਦੋਂ ਉੱਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰਤੀ ਏਕੜ 1,000 ਤੋਂ 1,200 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 2,500 ਰੁਪਏ ਨਕਦ ਸਹਾਇਤਾ ਦੇਣ ਦਾ ਕੀਤਾ ਗਿਆ ਵਾਅਦਾ ਅਜੇ ਤੱਕ ਕਿਉਂ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਮੰਗ ਕੀਤੀ ਕਿ ਸੀ.ਆਰ.ਐੱਮ. ਮਸ਼ੀਨਰੀ ’ਤੇ ਖਰਚ ਕੀਤੇ ਗਏ ਸਰਕਾਰੀ ਫੰਡਾਂ ਦਾ ਸੁਤੰਤਰ ਆਡਿਟ ਕਰਵਾਇਆ ਜਾਵੇ, ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਦੰਡਕਾਰੀ ਕੇਸ ਵਾਪਸ ਲਏ ਜਾਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
