ਸੰਗਰੂਰ:- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ('ਆਪ') ਸਰਕਾਰ ’ਤੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ 'ਚਿੱਟੇ' (ਮਿਲਾਵਟੀ ਹੈਰੋਇਨ) ਨੂੰ ਸੂਬੇ ਦੀ ਇੱਕ ਵੱਡੀ ਸਮੱਸਿਆ ਕਰਾਰ ਦਿੱਤਾ।

ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਪ੍ਰਚਾਰ ਦਾ ਆਗਾਜ਼ ਕਰਦਿਆਂ ਰਾਹੁਲ ਗਾਂਧੀ ਨੇ ਸੰਗਰੂਰ ਵਿਖੇ 'ਇਨਸਾਫ਼ ਰੈਲੀ' ਦੌਰਾਨ ਕਿਹਾ, "ਪੰਜਾਬ ਵਿੱਚ 'ਚਿੱਟਾ' ਇੱਕ ਬਹੁਤ ਵੱਡਾ ਮੁੱਦਾ ਹੈ।"

ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਗਾਂਧੀ ਨੇ ਕਿਹਾ, "ਬਹੁਤ ਸਾਲ ਪਹਿਲਾਂ ਮੈਂ ਕਿਹਾ ਸੀ ਕਿ ਪੰਜਾਬ ਵਿੱਚ ਨਸ਼ੇ ਫੈਲ ਰਹੇ ਹਨ। ਉਸ ਸਮੇਂ ਭਾਜਪਾ ਅਤੇ ਅਕਾਲੀ ਦਲ ਨੇ ਨਸ਼ਿਆਂ ਦੇ ਖ਼ਤਰੇ ਨੂੰ ਘੱਟ ਕਰਕੇ ਦਿਖਾਉਂਦਿਆਂ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪੰਜਾਬ ਬਾਰੇ ਕੁਝ ਨਹੀਂ ਪਤਾ।"

'ਆਪ' ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਾਂਗਰਸੀ ਆਗੂ ਨੇ ਕਿਹਾ, "ਲੋਕਾਂ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਪੰਜਾਬ ਲਈ ਕੰਮ ਕਰੇ। 'ਆਪ' ਵਰਗੀ ਸਰਕਾਰ ਦੀ ਲੋੜ ਨਹੀਂ, ਜੋ ਦਿੱਲੀ ਤੋਂ ਚਲਾਈ ਜਾ ਰਹੀ ਹੈ।"

ਇਸ ਰੈਲੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਤੇ ਸੂਬੇ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਵਿਜੇ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਰਾਜਿੰਦਰ ਕੌਰ ਭੱਠਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ।