ਹੁਸ਼ਿਆਰਪੁਰ:- ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਤੋਂ ਪੈਦਾ ਹੋਈ ਅੰਤਰਰਾਸ਼ਟਰੀ ਸਥਿਤੀ ਦੇ ਮੱਦੇਨਜ਼ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24x7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਕਰਮਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰ 0172-2260042, 0172-2260043, +91 94787-79112 (ਵਿਦੇਸ਼ੀ ਨਾਗਰਿਕਾਂ ਲਈ) ਅਤੇ 1100 (ਭਾਰਤੀ ਨਾਗਰਿਕਾਂ ਲਈ) 24 ਘੰਟੇ ਕੰਮ ਕਰਦੇ ਰਹਿਣਗੇ। ਇਨ੍ਹਾਂ ਨੰਬਰਾਂ ਰਾਹੀਂ ਪਰਿਵਾਰਕ ਮੈਂਬਰ ਆਪਣੇ ਮੈਂਬਰਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਲੋੜੀਂਦੀ ਸਹਾਇਤਾ ਦੀ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਿੱਜੀ ਤੌਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਪ੍ਰਭਾਵਿਤ ਪੰਜਾਬੀਆਂ ਦੀ ਜਲਦੀ ਅਤੇ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੇ ਹਨ।
ਕਰਮਜੀਤ ਕੌਰ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਸੰਕਟ ਦੇ ਸਮੇਂ ਵਿੱਚ ਆਪਣੇ ਨਾਗਰਿਕਾਂ ਨੂੰ ਇਕੱਲੇ ਨਹੀਂ ਛੱਡੇਗੀ ਅਤੇ ਹਰ ਪੱਧਰ 'ਤੇ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਸਿਰਫ਼ ਅਧਿਕਾਰਤ ਹੈਲਪਲਾਈਨ 'ਤੇ ਸੰਪਰਕ ਕਰਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਪ੍ਰਵਾਸੀਆਂ ਦੇ ਨਾਲ ਖੜ੍ਹੀ ਕਰਮਜੀਤ ਕੌਰ
