ਹੁਸ਼ਿਆਰਪੁਰ:- ਸ੍ਰੀ ਗੁਰੂ ਰਵਿਦਾਸ ਜੀ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਉਣ ਲਈ ਵਿਸ਼ੇਸ਼ ਵੈਨ ਨੂੰ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਤਿਹਾਸਕ, ਸ਼ਰਧਾਪੂਰਵਕ ਅਤੇ ਪੂਰੇ ਜਲੌਅ ਨਾਲ ਮਨਾਏਗੀ।
ਡਾਕੂਮੈਂਟਰੀ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿੱਚ ਵਿਧਾਇਕ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਇਹ ਡਾਕੂਮੈਂਟਰੀ ਵੈਨ ਲੋਕਾਂ ਨੂੰ ਗੁਰੂ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨਾਲ ਜਾਣੂ ਕਰਵਾਏਗੀ, ਤਾਂ ਜੋ ਵੱਧ ਤੋਂ ਵੱਧ ਲੋਕ ਗੁਰੂ ਜੀ ਦੇ ਭੇਦਭਾਵ-ਰਹਿਤ ਅਤੇ ਬਰਾਬਰੀ ਵਾਲੇ ਸਮਾਜ ਦੇ ਸੰਦੇਸ਼ ਤੋਂ ਪ੍ਰੇਰਨਾ ਲੈ ਸਕਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਧਰਮ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ 'ਤੇ ਮਨਾਉਣ ਦਾ ਮੌਕਾ ਮਿਲਿਆ ਸੀ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣਾ ਵੀ ਵੱਡਾ ਸੁਭਾਗ ਹੈ।
ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੇ ਭਲੇ, ਸਮਾਜ ਦੇ ਹਰ ਵਰਗ ਲਈ ਬਰਾਬਰੀ ਅਤੇ ਬੇਗਮਪੁਰਾ ਦੇ ਉਸ ਸੰਕਲਪ ਦਾ ਸੰਦੇਸ਼ ਦਿੱਤਾ, ਜਿੱਥੇ ਕਿਸੇ ਵੀ ਵਿਅਕਤੀ ਨੂੰ ਕੋਈ ਦੁੱਖ ਜਾਂ ਤਕਲੀਫ਼ ਨਾ ਹੋਵੇ।
ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਇਹ ਡਾਕੂਮੈਂਟਰੀ ਪਿੰਡ ਜਹਾਨਖੇਲ੍ਹਾਂ ਅਤੇ ਆਦਮਵਾਲ ਵਿੱਚ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਵਿੱਚ ਇਹ ਵੈਨ ਪਹੁੰਚੇਗੀ ਅਤੇ ਰੋਜ਼ਾਨਾ ਲਗਭਗ 30 ਮਿੰਟ ਦੀ ਡਾਕੂਮੈਂਟਰੀ ਦਿਖਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਵੈਨ ਹਰ ਰੋਜ਼ ਸ਼ਾਮ ਦੇ ਸਮੇਂ ਦੋ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਵਿਖਾਏਗੀ।
ਵਿਧਾਇਕ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਕਾਰਜ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ਾਂ 'ਤੇ ਆਧਾਰਿਤ ਇਸ ਬਿਹਤਰੀਨ ਡਾਕੂਮੈਂਟਰੀ ਨੂੰ ਜ਼ਰੂਰ ਦੇਖਣ ਅਤੇ ਇਸ ਤੋਂ ਪ੍ਰੇਰਨਾ ਲੈਣ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।