ਸੰਗਰੂਰ, 06 ਸਤੰਬਰ, 2026:- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਸੰਗਰੂਰ ਵਿਖੇ ਨਿਵੇਕਲੀ ਡਰੋਨ ਪੇਸ਼ਕਾਰੀ ਨੇ ਸੰਗਤ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਰੂਬਰੂ ਕਰਵਾਇਆ। ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਤੋਂ ਉੱਡੇ 500 ਡਰੋਨਾਂ ਨੇ ਰਾਤ ਦੇ ਅੰਬਰ ਨੂੰ ਗੁਰੂ ਸਾਹਿਬ ਦੇ ਜੀਵਨ-ਦਰਸ਼ਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਉਂਦੀਆਂ ਰੌਸ਼ਨ ਆਕ੍ਰਿਤੀਆਂ ਨਾਲ ਰੌਸ਼ਨ ਕਰ ਦਿੱਤਾ।
ਇਸ ਮੌਕੇ ਸੰਗਤ ਦੇ ਰੂਪ ਵਿੱਚ ਪੁੱਜੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਫਲਸਫੇ ਨੂੰ ਲੋਕ-ਚੇਤਨਾ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪੇਸ਼ਕਾਰੀ ਖ਼ਾਸ ਤੌਰ ’ਤੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣੀ।
ਵਿਧਾਇਕ ਭਰਾਜ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਗਿਆਨ ਦੀ ਉਸ ਜੋਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਸੇਤੂ ਬਣੇਗਾ, ਜਿਸ ਨੇ ਸਦੀਆਂ ਤੋਂ ਮਨੁੱਖਤਾ ਨੂੰ ਬਰਾਬਰੀ ਦਾ ਰਾਹ ਵਿਖਾਇਆ ਹੈ। ਇਸ ਮੌਕੇ ਭਾਈ ਤਰਸੇਮ ਸਿੰਘ ਜੀ ਦੇ ਢਾਡੀ ਜੱਥੇ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਨਾਲ ਸਬੰਧਤ ਗਾਇਨ ਕੀਤਾ ਗਿਆ। ਇਸ ਮੌਕੇ ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ, ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ, ਵਿਰਾਸਤ ਸੇਵਾ ਦਲ ਦੇ ਪ੍ਰਧਾਨ ਚਰਨਜੀਤ ਸਿੰਘ ਚੰਨੀ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।
ਗੁਰੂ ਰਵਿਦਾਸ ਮਹਾਰਾਜ ਜੀ ਦਾ ਸਰਬਸਾਂਝੀਵਾਲਤਾ ਦਾ ਸੁਨੇਹਾ ਹਰ ਮਨ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਨਰਿੰਦਰ ਕੌਰ ਭਰਾਜ
