ਮੋਹਾਲੀ:- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਬੈਠਕ ਦੌਰਾਨ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਾਮਿਆਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ੍ਰੀ ਕੁਮਾਰ ਅਮਿਤ (ਆਈ.ਏ.ਐਸ.) ਸਕੱਤਰ ਪੰਜਾਬ ਮੰਡੀ ਬੋਰਡ, ਸ. ਹਰਜੀਤ ਸਿੰਘ ਸੰਧੂ (ਪੀ.ਸੀ.ਐਸ.) ਸੰਯੁਕਤ ਸਕੱਤਰ ਅਤੇ ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਵੀ ਹਾਜਰ ਰਹੇ।
ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਾਮਿਆਂ ਦੀਆਂ ਮੁੱਖ ਮੰਗਾਂ ਬਾਰੇ ਚੇਅਰਮੈਨ ਮੰਡੀ ਬੋਰਡ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਇਹਨਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ। ਯੂਨੀਅਨ ਦੀਆਂ ਗੱਲਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਹਰਚੰਦ ਸਿੰਘ ਬਰਸਟ ਨੇ ਮੌਕੇ 'ਤੇ ਹੀ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਵਿੱਚ ਮੰਗਾਂ ਦੇ ਹੱਲ ਲਈ ਅਧਿਕਾਰੀਆਂ ਦੇ ਪੱਧਰ ’ਤੇ ਇੱਕ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਵਿੱਚ ਯੂਨੀਅਨ ਦੇ ਦੋ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਮੰਗਾਂ ਸਬੰਧੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਹਨਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਸਕੇ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਸਰਵਉੱਚ ਰੱਖਦੀ ਹੈ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਮੁਲਾਜਮਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ
