ਨਵਾਂਸ਼ਹਿਰ, 4 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਸੋਚ ਨਾਲ ਹੀ ਪੰਜਾਬ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਨੂੰ ਸਿਰਫ਼ ਇੱਕ ਖੇਤਰੀ ਪਾਰਟੀ ਹੀ ਸਮਝ ਸਕਦੀ ਹੈ। ਕੌਮੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦੀ ਹੈ।
ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵਿਕਾਸ ਦਾ ਜਾਲ ਵਿਛਾਇਆ ਸੀ ਅਤੇ ਹਰ ਪਿੰਡ ਤੇ ਸ਼ਹਿਰ ਨੂੰ ਪੱਕੀਆਂ ਸੜਕਾਂ, ਪਾਣੀ ਅਤੇ ਬਿਜਲੀ ਵਰਗੀਆਂ ਸਹੂਲਤਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੋਚ ਹਮੇਸ਼ਾ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦੀ ਰਹੀ ਹੈ।
ਉਨ੍ਹਾਂ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਓ, ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜ ਕੇ ਪੰਜਾਬ ਦੇ ਦੁੱਖਾਂ ਨੂੰ ਸੁੱਖਾਂ ਵਿੱਚ ਬਦਲਣ ਲਈ ਸਹਿਯੋਗ ਕਰੀਏ ਅਤੇ 2027 ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਾਈਏ।
