ਨਵਾਂਸ਼ਹਿਰ (ਦੇਸ ਰਾਜ ਬਾਲੀ):- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਸਖੀ ਸ਼ਕਤੀ ਮੇਲਾ’ 2 ਤੋਂ 4 ਦਸੰਬਰ ਤੱਕ ਆਈ.ਟੀ.ਆਈ. ਗਰਾਊਂਡ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲਾ ਰੋਜ਼ਾਨਾ ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ।

ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸਮੂਹਾਂ ਅਤੇ ਹੁਨਰਮੰਦ ਮਹਿਲਾਵਾਂ ਵੱਲੋਂ ਤਿਆਰ ਕੀਤੇ ਹੱਥ ਨਾਲ ਬਣੇ ਉਤਪਾਦ, ਹਸਤਕਲਾ ਦੀਆਂ ਵਸਤਾਂ, ਕੱਪੜੇ, ਸਜਾਵਟੀ ਸਮਾਨ, ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਘਰੇਲੂ ਉਤਪਾਦ ਪ੍ਰਦਰਸ਼ਨੀ ਅਤੇ ਵਿਕਰੀ ਲਈ ਉਪਲਬਧ ਹੋਣਗੇ।

ਉਨ੍ਹਾਂ ਕਿਹਾ ਕਿ ਮੇਲੇ ਰਾਹੀਂ ਮਹਿਲਾਵਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਅਤੇ ਬ੍ਰਾਂਡਿੰਗ ਕਰਨ ਅਤੇ ਨਵੇਂ ਗਾਹਕਾਂ ਨਾਲ ਸਿੱਧਾ ਸੰਪਰਕ ਬਣਾਉਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਸਰਕਾਰ ਦੀਆਂ ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਅਤੇ ਰੰਗਾਰੰਗ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵੱਲੋਂ ਵੀ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਪਰਿਵਾਰਾਂ ਅਤੇ ਬੱਚਿਆਂ ਲਈ ਝੂਲੇ ਤੇ ਮਨੋਰੰਜਨ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਵੱਖ-ਵੱਖ ਖਾਣ-ਪੀਣ ਦੇ ਸਟਾਲ ਵੀ ਮੇਲੇ ਦਾ ਵਿਸ਼ੇਸ਼ ਆਕਰਸ਼ਣ ਹੋਣਗੇ।

ਸ੍ਰੀਮਤੀ ਅਵਨੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ‘ਪੰਜਾਬ ਸਖੀ ਸ਼ਕਤੀ ਮੇਲੇ’ ਵਿੱਚ ਪਹੁੰਚ ਕੇ ਮਹਿਲਾਵਾਂ ਦੇ ਹੁਨਰ ਅਤੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦਾ ਆਨੰਦ ਮਾਣਨ।