ਹੁਸ਼ਿਆਰਪੁਰ, 25 ਜੁਲਾਈ 2026:- ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਘੱਟਗਿਣਤੀ ਭਾਈਚਾਰੇ ਦੀ ਭਲਾਈ, ਸੁਰੱਖਿਆ ਅਤੇ ਵਿਕਾਸ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਘੱਟਗਿਣਤੀ ਭਾਈਚਾਰੇ ਦੇ ਅਧਿਕਾਰਾਂ ਦੀ ਰੱਖਿਆ, ਸਮਾਜਿਕ ਵਿਕਾਸ ਅਤੇ ਆਰਥਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਸਾਰੀਆਂ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ।
ਚੇਅਰਮੈਨ ਨੇ ਘੱਟਗਿਣਤੀ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਕਾਲਰਸ਼ਿਪ ਯੋਜਨਾਵਾਂ, ਰੁਜ਼ਗਾਰ ਅਤੇ ਹੁਨਰ ਵਿਕਾਸ ਪ੍ਰੋਗਰਾਮਾਂ ਦੇ ਨਾਲ-ਨਾਲ ਘੱਟਗਿਣਤੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਕਾਨੂੰਨ-ਵਿਵਸਥਾ ਦੀ ਸਮੀਖਿਆ ਕਰਦਿਆਂ ਉਨ੍ਹਾਂ ਘੱਟਗਿਣਤੀ ਭਾਈਚਾਰੇ ਦੀ ਸੁਰੱਖਿਆ, ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਮਾਂਬੱਧ ਅਤੇ ਢੁਕਵੇਂ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਸ਼ਿਕਾਇਤ 'ਤੇ ਸੰਵੇਦਨਸ਼ੀਲਤਾ ਅਤੇ ਨਿਰਪੱਖਤਾ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਲੀਡ ਬੈਂਕ ਮੈਨੇਜਰ ਨੂੰ ਵੀ ਹਦਾਇਤ ਕੀਤੀ ਗਈ ਕਿ ਘੱਟਗਿਣਤੀ ਭਾਈਚਾਰੇ ਸਮੇਤ ਹੋਰ ਯੋਗ ਲੋੜਵੰਦ ਲੋਕਾਂ ਨੂੰ ਵੱਖ-ਵੱਖ ਸਵੈ-ਰੁਜ਼ਗਾਰ ਅਤੇ ਕਰਜ਼ਾ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਇਆ ਜਾਵੇ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਮਸੀਹ ਗੌਰਵ ਨੇ ਦੱਸਿਆ ਕਿ ਉਨ੍ਹਾਂ ਨੇ ਘੱਟਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼) ਦੇ ਪ੍ਰਤੀਨਿਧੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ। 
ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਕਈ ਹੋਰ ਵਿਸ਼ੇਸ਼ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ।