ਪਟਿਆਲਾ, 12 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਅੱਜ ਭੰਗੜੇ ਦੇ ਮੁਕਾਬਲੇ ਨਾਲ਼ ਸ਼ੁਰੂ ਹੋ ਗਿਆ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਸ ਮੇਲੇ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਉਦਘਾਟਨੀ ਸ਼ਬਦ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਡੀ ਅਮੀਰ ਪੰਜਾਬੀ ਵਿਰਾਸਤ ਨੂੰ ਸੰਭਾਲਣ ਅਤੇ ਇਸ ਨੂੰ ਨਵੀਂ ਪੀੜ੍ਹੀ ਤੱਕ ਲੈ ਕੇ ਜਾਣ ਦੇ ਪੱਖੋਂ ਇਹ ਮੇਲੇ ਬੇਹੱਦ ਅਹਿਮੀਅਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਮੇਲੇ ਪੰਜਾਬੀ ਯੂਨੀਵਰਸਿਟੀ ਦਾ ਨਿਵੇਕਲਾ ਪਛਾਣ-ਚਿੰਨ੍ਹ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਪ੍ਰਸਾਰ ਦੇ ਜਿਸ ਅਹਿਮ ਟੀਚੇ ਤਹਿਤ ਇਸ ਅਦਾਰੇ ਦੀ ਸਥਾਪਨਾ ਕੀਤੀ ਗਈ ਸੀ, ਉਸ ਨੂੰ ਇਨ੍ਹਾਂ ਮੇਲਿਆਂ ਦੀਆਂ ਕਲਾਤਮਕ ਪੇਸ਼ਕਾਰੀਆਂ ਰਾਹੀਂ ਬਾਖ਼ੂਬੀ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਅਜੋਕੇ ਵਿਗਿਆਨਕ ਯੁੱਗ ਵਿੱਚ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਮੇਲੇ ਇਸ ਦਿਸ਼ਾ ਵਿੱਚ ਸਾਰਥਕ ਯਤਨ ਹਨ।
ਡਾਇਰੈਕਟਰ ਯੁਵਕ ਭਲਾਈ ਪ੍ਰੋ. ਭੀਮਇੰਦਰ ਸਿੰਘ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਸ ਮੇਲੇ ਵਿੱਚ ਛੇ ਖੇਤਰੀ ਯੁਵਕ ਮੇਲਿਆਂ ਵਿੱਚੋਂ ਜਿੱਤ ਕੇ ਆਈਆਂ ਟੀਮਾਂ ਸ਼ਿਰਕਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਚਾਰ ਦਿਨਾਂ ਦੌਰਾਨ ਯੂਨੀਵਰਸਿਟੀ ਕੈਂਪਸ ਦੇ ਪੰਜ ਵੱਖ-ਵੱਖ ਥਾਵਾਂ ’ਤੇ ਹੋਣ ਵਾਲੇ ਵੱਖ-ਵੱਖ ਕਲਾਤਮਕ ਵੰਨਗੀਆਂ ਦੇ ਮੁਕਾਬਲਿਆਂ ਦੇ ਨਤੀਜੇ ਇਸ ਵਾਰ ਵੀ ਆਖ਼ਰੀ ਦਿਨ ਐਲਾਨੇ ਜਾਣਗੇ। ਉਨ੍ਹਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ ਭੰਗੜੇ ਤੋਂ ਇਲਾਵਾ ਗਰੁੱਪ ਕੋਰੀਓਗ੍ਰਾਫੀ, ਸਮੂਹ ਸ਼ਬਦ/ਭਜਨ ਗਾਇਨ, ਸ਼ਾਸਤਰੀ ਸੰਗੀਤ ਗਾਇਨ (ਕਲਾਸੀਕਲ ਵੋਕਲ), ਮਾਈਮ, ਸਕਿੱਟ, ਕੁਇਜ਼, ਪੰਜਾਬੀ ਲੋਕਧਾਰਾ ਅਤੇ ਸੱਭਿਆਚਾਰਕ ਕੁਇਜ਼, ਕਰੋਸ਼ੀਏ ਦੀ ਬੁਣਤੀ, ਨਾਲ਼ਾ ਬੁਣਨਾ, ਕਢਾਈ, ਪੱਖੀ ਬਣਾਉਣਾ, ਗੁੱਡੀਆਂ-ਪਟੋਲੇ ਬਣਾਉਣਾ, ਪਰਾਂਦਾ ਬਣਾਉਣਾ, ਰੱਸਾ ਵੱਟਣਾ, ਟੋਕਰੀ ਬਣਾਉਣਾ, ਛਿੱਕੂ ਬਣਾਉਣਾ, ਪੀੜ੍ਹੀ ਬੁਣਨੀ, ਮਿੱਟੀ ਦੇ ਖਿਡੌਣੇ ਬਣਾਉਣਾ, ਖਿੱਦੋ ਅਤੇ ਇੰਨੂ ਬਣਾਉਣ ਦੇ ਮੁਕਾਬਲੇ ਹੋਏ। ਉਦਘਾਟਨੀ ਸੈਸ਼ਨ ਮੌਕੇ ਹੋਰਨਾਂ ਤੋਂ ਇਲਾਵਾ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਡਾ. ਅਜੀਤਾ ਵੀ ਹਾਜ਼ਰ ਰਹੇ।
