ਸੁਲਤਾਨਪੁਰ (ਉੱਤਰ ਪ੍ਰਦੇਸ਼):- ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੋਮਵਾਰ ਨੂੰ ਇੱਥੋਂ ਦੀ ਇੱਕ ਐੱਮ.ਪੀ.-ਐੱਮ.ਐੱਲ.ਏ. ਅਦਾਲਤ ਨੇ 2018 ਵਿੱਚ ਤਤਕਾਲੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕੀਤੀ ਗਈ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ। ਫ਼ੈਸਲਾ ਸੁਣਾਏ ਜਾਣ ਸਮੇਂ ਰਾਹੁਲ ਗਾਂਧੀ ਅਦਾਲਤ ਵਿੱਚ ਮੌਜੂਦ ਸਨ।
ਉਨ੍ਹਾਂ ਨੇ ਇਹ ਟਿੱਪਣੀ 2018 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੰਗਲੁਰੂ ਵਿੱਚ ਇੱਕ ਰੈਲੀ ਦੌਰਾਨ ਕੀਤੀ ਸੀ। ਜ਼ਿਕਰਯੋਗ ਹੈ ਕਿ ਸੁਲਤਾਨਪੁਰ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਅਤੇ ਸਥਾਨਕ ਭਾਜਪਾ ਆਗੂ ਵਿਜੇ ਮਿਸ਼ਰਾ ਨੇ 4 ਅਗਸਤ 2018 ਨੂੰ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ।
ਰਾਹੁਲ ਗਾਂਧੀ 2023 ਵਿੱਚ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਅਦਾਲਤ ਨੇ ਪਹਿਲਾਂ ਇਸ ਮਾਮਲੇ ਵਿੱਚ ਫ਼ੈਸਲਾ ਸੁਣਾਉਣ ਲਈ 13 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਸੀ, ਜਿਸ ਨੂੰ ਬਾਅਦ ਵਿੱਚ ਬਦਲ ਕੇ 26 ਅਕਤੂਬਰ ਕਰ ਦਿੱਤਾ ਗਿਆ ਸੀ।
ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ
ਇਸ ਤੋਂ ਪਹਿਲਾਂ, ਕਾਂਗਰਸੀ ਆਗੂ ਰਾਹੁਲ ਗਾਂਧੀ ਜਦੋਂ ਆਪਣੇ ਖ਼ਿਲਾਫ਼ ਦਰਜ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਲਈ ਸੁਲਤਾਨਪੁਰ ਜਾ ਰਹੇ ਸਨ, ਤਾਂ ਉਨ੍ਹਾਂ ਦੇ ਕਾਫ਼ਲੇ ਦੀਆਂ ਕੁਝ ਗੱਡੀਆਂ ਪੂਰਵਾਂਚਲ ਐਕਸਪ੍ਰੈੱਸਵੇਅ ’ਤੇ ਆਪਸ ਵਿੱਚ ਟਕਰਾ ਗਈਆਂ। ਇੱਕ ਪੁਲੀਸ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਹਾਦਸਾ ਗੰਭੀਰ ਨਹੀਂ ਸੀ ਅਤੇ ਕਿਸੇ ਦੇ ਵੀ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।
