ਬਲਾਚੌਰ, 17 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਰੈਲ ਮਾਜਰੇ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਧੀ ਦਿਲਜੋਤ ਕੌਰ ਨੇ ਗੋਲਾ ਸੁੱਟਣ (ਸ਼ਾਟ ਪੁੱਟ) ਦੇ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਦਿਲਜੋਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਮਿਸਲ ਸਤਲੁਜ ਪਾਰਟੀ ਵੱਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਪਾਰਟੀ ਆਗੂਆਂ ਨੇ ਦਿਲਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਾਡੀਆਂ ਧੀਆਂ ਆਪਣੀ ਮਿਹਨਤ, ਲਗਨ ਅਤੇ ਕਾਬਲੀਅਤ ਨਾਲ ਹਰ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰ ਰਹੀਆਂ ਹਨ।

ਇਸ ਮੌਕੇ ਦੋਆਬਾ ਜ਼ੋਨ ਦੇ ਪ੍ਰਧਾਨ ਤੇਜੀ ਮਾਂਗਟ ਨੇ ਕਿਹਾ ਕਿ ਧੀਆਂ ਦੀਆਂ ਪ੍ਰਾਪਤੀਆਂ ਹੀ ਸਮਾਜ ਦੀ ਅਸਲ ਤਰੱਕੀ ਦੀ ਪਹਿਚਾਣ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਧੀਆਂ ਅਤੇ ਨੌਜਵਾਨਾਂ ਵਿੱਚ ਬੇਹੱਦ ਹੁਨਰ ਹੈ। ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੌਕੇ, ਖੇਡ ਸਹੂਲਤਾਂ ਅਤੇ ਹੌਸਲਾ ਦੇਣ ਦੀ ਹੈ। ਮਿਸਲ ਸਤਲੁਜ ਪਾਰਟੀ ਹਮੇਸ਼ਾ ਅਜਿਹੀਆਂ ਪ੍ਰਤਿਭਾਵਾਂ ਦੀ ਹੌਸਲਾ ਅਫ਼ਜ਼ਾਈ ਕਰਦੀ ਰਹੇਗੀ।

ਇਸ ਮੌਕੇ ਤੇਜੀ ਮਾਂਗਟ, ਪ੍ਰਧਾਨ ਦੋਆਬਾ ਜ਼ੋਨ; ਕੁੰਵਰ ਜੱਗਵੀਰ ਸਿੰਘ ਸਹੁੰਗੜਾ, ਪੰਜਾਬ ਐੱਸ.ਸੀ. ਵਿੰਗ ਦੇ ਪ੍ਰਧਾਨ; ਲਖਵਿੰਦਰ ਸਿੰਘ ਫਤਿਹਪੁਰ ਅਤੇ ਕਰਨ ਉੱਪਲ ਹਾਜ਼ਰ ਸਨ।

ਅੰਤ ਵਿੱਚ ਸਮੂਹ ਆਗੂਆਂ ਨੇ ਦਿਲਜੋਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਮਿਸਲ ਸਤਲੁਜ ਪਾਰਟੀ ਵੱਲੋਂ ਧੀ ਦਿਲਜੋਤ ਕੌਰ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਗਈਆਂ।