ਨਵਾਂਸ਼ਹਿਰ, 18 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਰਾਜੇਸ਼ ਚੱਢਾ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਾਂਸ਼ਹਿਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਖੰਨਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਸਮੇਂ ਸਮੁੱਚੇ ਦਫ਼ਤਰੀ ਸਟਾਫ਼ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਲੰਮਾ ਸਮਾਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਹੁਣ ਮੁੜ ਇੱਥੇ ਆ ਕੇ ਉਨ੍ਹਾਂ ਨੂੰ ਘਰ ਵਰਗਾ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਫ਼ਤਰੀ ਅਮਲੇ ਨੂੰ ਨਾਲ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ, ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੇ ਸਹਿਯੋਗ ਨਾਲ ਬਲਾਕ ਨਵਾਂਸ਼ਹਿਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਆਪਣੀ ਬਣਦੀ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਜਨਮ ਭੂਮੀ ਨਾਲ ਸਬੰਧਤ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਸੇਵਾਵਾਂ ਨਿਭਾਉਣ ਦਾ ਉਨ੍ਹਾਂ ਨੂੰ ਵੱਖਰਾ ਹੀ ਸਕੂਨ ਮਿਲ ਰਿਹਾ ਹੈ।

ਇਸ ਮੌਕੇ ਦਫ਼ਤਰੀ ਸਟਾਫ਼, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।