ਨਵਾਂਸ਼ਹਿਰ/ਕਾਠਗੜ੍ਹ, 22 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਕਾਂਗਰਸ ਪਾਰਟੀ ਵੱਲੋਂ ਨੌਜਵਾਨ ਵਰਗ ਨੂੰ ਜਥੇਬੰਦਕ ਢਾਂਚੇ ਵਿੱਚ ਹੋਰ ਮਜ਼ਬੂਤ ਭੂਮਿਕਾ ਦੇਣ ਦੇ ਮਕਸਦ ਨਾਲ ਰਵੀ ਕੁਮਾਰ ਕਾਠਗੜ੍ਹ ਨੂੰ ਬਲਾਚੌਰ ਬਲਾਕ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕੇ ਅੰਦਰ ਨੌਜਵਾਨ ਜਥੇਬੰਦੀ ਨੂੰ ਨਵੀਂ ਦਿਸ਼ਾ ਦੇਣ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਰਵੀ ਕੁਮਾਰ ਨੂੰ ਬਲਾਚੌਰ ਬਲਾਕ ਯੂਥ ਕਾਂਗਰਸ ਦੀ ਪ੍ਰਧਾਨਗੀ ਸੌਂਪਣਾ ਨੌਜਵਾਨਾਂ ਦੀ ਪਾਰਟੀ ਅੰਦਰਲੀ ਸਰਗਰਮ ਭੂਮਿਕਾ ਨੂੰ ਹੋਰ ਬਲ ਦੇਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਜਥੇਬੰਦੀ ਦੀ ਤਾਕਤ ਅਤੇ ਭਵਿੱਖ ਹੁੰਦੇ ਹਨ, ਜਿਨ੍ਹਾਂ ਦੀ ਊਰਜਾ, ਸੋਚ ਤੇ ਲੋਕਾਂ ਨਾਲ ਜੁੜਨ ਦੀ ਸਮਰੱਥਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰਵੀ ਕੁਮਾਰ ਕਾਠਗੜ੍ਹ ਨੌਜਵਾਨਾਂ ਨੂੰ ਇਕਜੁੱਟ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਨਵ-ਨਿਯੁਕਤ ਬਲਾਕ ਪ੍ਰਧਾਨ ਰਵੀ ਕੁਮਾਰ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਾਲ ਲੈ ਕੇ ਯੂਥ ਕਾਂਗਰਸ ਦੀਆਂ ਸਰਗਰਮੀਆਂ ਪਿੰਡ-ਪਿੰਡ ਤੱਕ ਪਹੁੰਚਾਈਆਂ ਜਾਣਗੀਆਂ ਅਤੇ ਨੌਜਵਾਨ ਵਰਗ ਦੇ ਮਸਲਿਆਂ ਨੂੰ ਉਭਾਰਨ ਦੇ ਨਾਲ-ਨਾਲ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਜਾਵੇਗਾ।
