ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੁਚੇਤ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਰਯਾਤ ਬਹਿਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਪਿੰਡ ਬਹਾਦਰਪੁਰ ਬਾਹੀਆਂ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਉਪਰਾਲਾ ਯੂਨੀਵਰਸਿਟੀ ਦੀ ਰਾਸ਼ਟਰੀ ਸੇਵਾ ਯੋਜਨਾ (NSS) ਅਤੇ ਵਿਸਤ੍ਰਿਤ ਸਮਾਜਿਕ ਜ਼ਿੰਮੇਵਾਰੀ (ESR) ਦੀਆਂ ਗਤੀਵਿਧੀਆਂ ਅਧੀਨ ਕੀਤਾ ਗਿਆ।

ਇਸ ਰੈਲੀ ਵਿੱਚ ਕੁੱਲ 47 ਵਿਦਿਆਰਥੀਆਂ ਅਤੇ ਇੱਕ ਫੈਕਲਟੀ ਮੈਂਬਰ ਨੇ ਸਰਗਰਮੀ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਪਿੰਡ ਵਾਸੀਆਂ ਅਤੇ ਖ਼ਾਸ ਕਰਕੇ ਨੌਜਵਾਨ ਵਰਗ ਨੂੰ ਨਸ਼ਿਆਂ ਕਾਰਨ ਹੋਣ ਵਾਲੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਅਤੇ ਨਸ਼ਾ ਮੁਕਤ ਤੇ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦਿੱਤਾ।

ਰੈਲੀ ਦਾ ਆਯੋਜਨ ਵਾਈਸ ਚਾਂਸਲਰ ਡਾ. ਚੰਦਰ ਮੋਹਨ ਅਤੇ ਵਿਭਾਗ ਮੁਖੀ ਡਾ. ਪ੍ਰਿਯੰਕਾ ਪੁਰੀ ਦੀ ਯੋਗ ਅਗਵਾਈ ਹੇਠ ਕੀਤਾ ਗਿਆ, ਜਦਕਿ ਇਸ ਦਾ ਤਾਲਮੇਲ ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਸ੍ਰੀ ਜਤਿੰਦਰ ਕੁਮਾਰ ਨੇ ਕੀਤਾ। ਇਸ ਸਮਾਜਿਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣ ਵਿੱਚ ਵਿੱਦਿਅਕ ਸੰਸਥਾਵਾਂ ਦੀ ਅਹਿਮ ਭੂਮਿਕਾ ਹੈ।