ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵੱਲ ਇੱਕ ਮਜ਼ਬੂਤ ਕਦਮ ਚੁੱਕਦਿਆਂ ਰਯਾਤ ਬਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ (RBPU), ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ਾਲ ਸਮਾਗਮ ‘ਸਿਨਰਜੀ-6’ ਸਫਲਤਾਪੂਰਵਕ ਕਰਵਾਇਆ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਇਲਾਕੇ ਦੇ ਲਗਭਗ 65 ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
ਸਮਾਗਮ ਵਿੱਚ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਵਧੀਕ ਡਿਪਟੀ ਕਮਿਸ਼ਨਰ (ADC) ਮੇਜਰ ਮੋਧ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਨੌਜਵਾਨਾਂ ਦਾ ਉਤਸ਼ਾਹ ਵਧਾਇਆ।
ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਅਨੁਸ਼ਾਸਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਨਾਅਰਾ ਲੇਖਣ, ਲੇਖ ਲੇਖਣ, ਜਿਮ, ਯੋਗਾ, ਵੱਖ-ਵੱਖ ਖੇਡਾਂ, ਸਾਹਿਤਕ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ। ਭਾਗ ਲੈਣ ਵਾਲਿਆਂ ਦਾ ਹੌਸਲਾ ਵਧਾਉਣ ਲਈ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਕ੍ਰਮਵਾਰ ₹11,000, ₹5,100 ਅਤੇ ₹3,100 ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਗਿਆ।
ਚੇਅਰਮੈਨ ਸਰਦਾਰ ਗੁਰਵਿੰਦਰ ਸਿੰਘ ਬਹਰਾ ਦੀ ਦੂਰਦਰਸ਼ੀ ਸੋਚ ਅਤੇ ਸਮਾਜ ਭਲਾਈ ਦੀ ਭਾਵਨਾ ਤੋਂ ਪ੍ਰੇਰਿਤ ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀਆਂ ਬੁਰਾਈਆਂ ਤੋਂ ਬਚਾ ਕੇ ਸੁਨਹਿਰੇ ਭਵਿੱਖ ਵੱਲ ਅੱਗੇ ਵਧਾਉਣਾ ਹੈ।
ਇਸ ਮੌਕੇ ਸੀਨੀਅਰ ਡਾਇਰੈਕਟਰ (ਮਾਰਕੀਟਿੰਗ ਐਂਡ ਐਡਮਿਸ਼ਨ) ਸ੍ਰੀ ਹਰਿੰਦਰ ਸਿੰਘ ਜਸਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਫਿਟਨੈੱਸ, ਕਸਰਤ, ਯੋਗਾ ਅਤੇ ਖੇਡਾਂ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ’ਤੇ ਜ਼ੋਰ ਦਿੱਤਾ। RBPU ਦੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ‘ਸਿਨਰਜੀ-6’ ਨੂੰ ਰਯਾਤ ਬਹਰਾ ਗਰੁੱਪ ਦੀਆਂ ‘ਸਿੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ’ (ESR) ਗਤੀਵਿਧੀਆਂ ਤਹਿਤ ਇੱਕ ਮੀਲ ਪੱਥਰ ਦੱਸਿਆ। ਅੰਤ ਵਿੱਚ, ਡੀਨ ਸਟੂਡੈਂਟ ਵੈਲਫੇਅਰ ਅਤੇ ਓਵਰਆਲ ਕੋਆਰਡੀਨੇਟਰ ਡਾ. ਕੁਲਦੀਪ ਵਾਲੀਆ ਨੇ ਇਸ ਸਮਾਗਮ ਨੂੰ ਇਤਿਹਾਸਕ ਤੌਰ ’ਤੇ ਸਫਲ ਬਣਾਉਣ ਲਈ ਅਧਿਆਪਕਾਂ, ਵਿਦਿਆਰਥੀਆਂ ਅਤੇ ਪ੍ਰਬੰਧਕੀ ਟੀਮ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।
