ਨਵਾਂਸ਼ਹਿਰ (ਦੇਸ ਰਾਜ ਬਾਲੀ):- ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਬਲਕ ਵੇਸਟ ਜਨਰੇਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਰਵਿੰਦ ਕੁਮਾਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਲਕ ਵੇਸਟ ਜਨਰੇਟਰਾਂ ਨੂੰ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਤਹਿਤ ਜਾਰੀ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਵੇਂ ਨਿਯਮਾਂ ਅਨੁਸਾਰ ਬਲਕ ਵੇਸਟ ਜਨਰੇਟਰਾਂ ਲਈ ਕੇਂਦਰੀ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਕੂੜੇ ਦੇ ਸੁਚੱਜੇ ਨਿਪਟਾਰੇ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਪੱਧਰ ’ਤੇ ਕੂੜੇ ਨੂੰ ਵੱਖ-ਵੱਖ ਸ਼੍ਰੇਣੀਆਂ ਵਿੱਚ ਵੰਡਣਾ ਬੇਹੱਦ ਜ਼ਰੂਰੀ ਹੈ। ਨਵੇਂ ਨਿਯਮਾਂ ਅਨੁਸਾਰ ਘਰੇਲੂ ਅਤੇ ਸਮੁਦਾਇਕ ਪੱਧਰ ’ਤੇ ਕੂੜੇ ਦੀ ਚਾਰ ਸ਼੍ਰੇਣੀਆਂ ਵਿੱਚ ਵੰਡ ਕੀਤੀ ਜਾਵੇਗੀ। ਇਨ੍ਹਾਂ ਵਿੱਚ ਗਿੱਲਾ ਕੂੜਾ, ਸੁੱਕਾ ਕੂੜਾ, ਸੈਨੇਟਰੀ ਕੂੜਾ ਅਤੇ ਵਿਸ਼ੇਸ਼ ਧਿਆਨ ਨਾਲ ਨਿਪਟਾਏ ਜਾਣ ਵਾਲਾ ਕੂੜਾ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਬਲਕ ਵੇਸਟ ਜਨਰੇਟਰਾਂ ਦੀ ਅਹਿਮ ਜ਼ਿੰਮੇਵਾਰੀ ਹੈ। ਉਹ ਆਪਣੇ ਅਦਾਰਿਆਂ ਵਿੱਚ ਕੂੜੇ ਨੂੰ ਸਰੋਤ ਪੱਧਰ ’ਤੇ ਹੀ ਵੱਖ-ਵੱਖ ਕਰਨ ਦੀ ਵਿਵਸਥਾ ਯਕੀਨੀ ਬਣਾਉਣ ਅਤੇ ਇਸ ਸਬੰਧੀ ਜ਼ਰੂਰੀ ਰਿਕਾਰਡ ਵੀ ਰੱਖਣ, ਤਾਂ ਜੋ ਆਡਿਟ ਸਮੇਂ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਲੈਂਡਫਿਲ ਸਾਈਟਾਂ ’ਤੇ ਪੈਣ ਵਾਲੇ ਬੋਝ ਨੂੰ ਘਟਾਉਣ ਲਈ ਗਿੱਲੇ ਕੂੜੇ ਦੀ ਪ੍ਰੋਸੈਸਿੰਗ ਅਤੇ ਸੁੱਕੇ ਕੂੜੇ ਦੀ ਰੀਸਾਈਕਲਿੰਗ ਨੂੰ ਤਰਜੀਹ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਲਕ ਵੇਸਟ ਜਨਰੇਟਰਾਂ ਨੂੰ ਨਵੇਂ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਇਨ੍ਹਾਂ ਦੀ ਪਾਲਣਾ ਦੀ ਨਿਯਮਤ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਰਕਾਰੀ ਵਿਭਾਗਾਂ, ਵਪਾਰਕ ਅਦਾਰਿਆਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।