ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 11 ਅਕਤੂਬਰ, 2026: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਖਰੜ ਬਲਾਕ ਦੇ ਪਿੰਡ ਮਲਕਪੁਰ ਅਤੇ ਨਬੀਪੁਰ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ। ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਪਿੰਡ-ਪਿੰਡ ਦਿਖਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਉਨ੍ਹਾਂ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਸਿੱਖਿਆਵਾਂ ਰਾਹੀਂ ਸਮਾਜ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਮਨੁੱਖੀ ਸਤਿਕਾਰ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਮਨੁੱਖਤਾ ਦੀ ਸੇਵਾ ਕਰਨ ਅਤੇ ਸਮਾਜ ਵਿੱਚੋਂ ਜਾਤ-ਪਾਤ ਤੇ ਵਿਤਕਰੇ ਨੂੰ ਦੂਰ ਕਰਕੇ ਸਮਾਨਤਾ ਵਾਲਾ ਸਮਾਜ ਸਿਰਜਣ ਦੀ ਪ੍ਰੇਰਣਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਬਰਾਬਰਤਾ, ਭਾਈਚਾਰੇ ਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
