ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਅਕਤੂਬਰ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ, ਫਲਸਫ਼ੇ, ਵਿਚਾਰਧਾਰਾ ਅਤੇ ਸਮਾਜਿਕ ਬਰਾਬਰਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਾਜਰੀ ਬਲਾਕ ਦੇ ਪਿੰਡ ਸੰਗਤਪੁਰਾ ਅਤੇ ਮੀਆਂਪੁਰ ਚੰਗਰ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ।
ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਗੁਰੂ ਜੀ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮਾਜ ਵਿੱਚੋਂ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਮਨੁੱਖੀ ਬਰਾਬਰਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਖਾਈ ਜਾ ਰਹੀ ਇਹ ਵਿਸ਼ੇਸ਼ ਡਾਕੂਮੈਂਟਰੀ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਪਿੰਡਾਂ ਵਿੱਚ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਜਾ ਰਹੀ ਇਸ ਦਸਤਾਵੇਜ਼ੀ ਫ਼ਿਲਮ ਦੇ ਮਾਧਿਅਮ ਨਾਲ ਲੋਕਾਂ ਨੂੰ ਗੁਰੂ ਜੀ ਦੀ ਮਹਾਨ ਵਿਚਾਰਧਾਰਾ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਉੱਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ, ਜਿੱਥੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਅਧਿਕਾਰ ਅਤੇ ਸਨਮਾਨ ਮਿਲੇ। ਅੱਜ ਦੇ ਸਮੇਂ ਵਿੱਚ ਵੀ ਗੁਰੂ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਏਕਤਾ, ਸਹਿਣਸ਼ੀਲਤਾ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਬੇਹੱਦ ਪ੍ਰਸੰਗਿਕ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਬਰਾਬਰਤਾ ਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਉਨ੍ਹਾਂ ਦੇ ਮਹਾਨ ਜੀਵਨ ਅਤੇ ਫਲਸਫ਼ੇ ਤੋਂ ਜਾਣੂ ਕਰਵਾਇਆ ਜਾ ਸਕਦਾ ਹੈ।
