ਬਲਾਚੌਰ, 29 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵੱਲੋਂ ਬਲਾਚੌਰ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਸ਼ਹਿਰ ਵਾਸੀਆਂ ਨਾਲ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਪਹੁੰਚੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਜ਼ਰੂਰਤਾਂ ਅਤੇ ਸੁਝਾਅ ਧਿਆਨ ਨਾਲ ਸੁਣੇ।
ਇਸ ਮੌਕੇ ਐਡਵੋਕੇਟ ਸੰਜੀਵ ਚੇਚੀ ਨੇ ਲੋਕਾਂ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਬਲਾਚੌਰ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਗਈਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਹੀ ਲੋਕ ਨੁਮਾਇੰਦਿਆਂ ਦੀ ਅਸਲ ਜ਼ਿੰਮੇਵਾਰੀ ਹੈ।
ਐਡਵੋਕੇਟ ਸੰਜੀਵ ਚੇਚੀ ਨੇ ਕਿਹਾ ਕਿ ਲੋਕ ਮਿਲਣੀ ਦਾ ਮੁੱਖ ਉਦੇਸ਼ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਇਲਾਕੇ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਅਤੇ ਇਨ੍ਹਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਹ ਬਲਾਚੌਰ ਸ਼ਹਿਰ ਅਤੇ ਸਮੁੱਚੇ ਇਲਾਕੇ ਦੇ ਵਿਕਾਸ, ਲੋਕਾਂ ਦੇ ਸਤਿਕਾਰ ਅਤੇ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਵਚਨਬੱਧ ਰਹਿਣਗੇ।
ਅੰਤ ਵਿੱਚ ਐਡਵੋਕੇਟ ਸੰਜੀਵ ਚੇਚੀ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾਵੇਗਾ।
