ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਪ੍ਰੀਤਿੰਦਰ ਸਿੰਘ ਬੈਸ ਨੇ ਨਗਰ ਨਿਗਮ ਦੀ ਹੱਦ ਅੰਦਰ ਰਹਿਣ ਵਾਲੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੀ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਨਿਰਧਾਰਤ ਸਮੇਂ ਅੰਦਰ ਆਪਣੇ ਪਰਿਵਾਰ ਅਤੇ ਨਿੱਜੀ ਵੇਰਵੇ ਸਹੀ ਢੰਗ ਨਾਲ ਦਰਜ ਕਰਵਾਉਣ।

ਉਨ੍ਹਾਂ ਦੱਸਿਆ ਕਿ ਆਮ ਲੋਕਾਂ ਲਈ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਸ਼ੁਰੂ ਕੀਤੀ ਗਈ ਹੈ। ਇਸ ਪ੍ਰਕਿਰਿਆ ਰਾਹੀਂ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਵੈੱਬਸਾਈਟ https://se.census.gov.in ਜਾਂ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੇ ਪਰਿਵਾਰ ਅਤੇ ਘਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਆਸਾਨੀ ਨਾਲ ਦਰਜ ਕਰ ਸਕਦੇ ਹਨ।

ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਇਸ ਡਿਜੀਟਲ ਪਹਿਲ ਦਾ ਮੁੱਖ ਉਦੇਸ਼ ਸ਼ਹਿਰ ਦੀ ਬਿਹਤਰ ਯੋਜਨਾਬੰਦੀ ਅਤੇ ਨਾਗਰਿਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਸਹੀ ਅਤੇ ਪੂਰੇ ਅੰਕੜੇ ਇਕੱਠੇ ਕਰਨਾ ਹੈ। ਆਨਲਾਈਨ ਫਾਰਮ ਭਰਨ ਤੋਂ ਪਹਿਲਾਂ ਨਾਗਰਿਕ ਆਪਣੇ ਘਰ ਦੇ ਮੁੱਢਲੇ ਵੇਰਵੇ, ਪਛਾਣ ਪੱਤਰ ਅਤੇ ਪਰਿਵਾਰਕ ਮੈਂਬਰਾਂ ਦੀ ਲੋੜੀਂਦੀ ਜਾਣਕਾਰੀ ਤਿਆਰ ਰੱਖਣ। ਫਾਰਮ ਸਫਲਤਾਪੂਰਵਕ ਜਮ੍ਹਾਂ ਕਰਵਾਉਣ ਤੋਂ ਬਾਅਦ ਪ੍ਰਾਪਤ ਹੋਈ ਸਵੈ-ਗਣਨਾ ਰੈਫਰੈਂਸ ਆਈਡੀ ਜਾਂ ਰਸੀਦ ਨੂੰ ਸੰਭਾਲ ਕੇ ਰੱਖਣ, ਤਾਂ ਜੋ ਅਗਲੇ ਪੜਾਅ ਦੌਰਾਨ ਘਰ-ਘਰ ਤਸਦੀਕ ਲਈ ਆਉਣ ਵਾਲੇ ਗਿਣਤੀਕਾਰ ਨੂੰ ਇਹ ਦਿਖਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਨੂੰ ਆਨਲਾਈਨ ਪ੍ਰਕਿਰਿਆ ਦੌਰਾਨ ਤਕਨੀਕੀ ਮੁਸ਼ਕਲ ਆਉਂਦੀ ਹੈ ਜਾਂ ਜਿਨ੍ਹਾਂ ਕੋਲ ਇੰਟਰਨੈੱਟ ਦੀ ਸਹੂਲਤ ਨਹੀਂ ਹੈ, ਉਨ੍ਹਾਂ ਦੀ ਮਦਦ ਲਈ ਨਗਰ ਨਿਗਮ ਦਫ਼ਤਰ ਵਿੱਚ ਵਿਸ਼ੇਸ਼ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ। ਇੱਥੇ ਕੰਮਕਾਜ ਵਾਲੇ ਦਿਨਾਂ ਦੌਰਾਨ ਮੁਫ਼ਤ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਵੇਰਵੇ ਇਕੱਠੇ ਕਰਨਗੇ।

ਪ੍ਰੀਤਿੰਦਰ ਸਿੰਘ ਬੈਸ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਸਮੇਂ ਸਿਰ ਆਪਣੀ ਸਵੈ-ਗਣਨਾ ਪ੍ਰਕਿਰਿਆ ਪੂਰੀ ਕਰਨ।