ਜ਼ੀਰਕਪੁਰ, 10 ਮਾਰਚ:- ਹਲਕਾ ਡੇਰਾਬੱਸੀ ਦੇ ਮਾਨਯੋਗ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੇ ਢਕੋਲੀ ਖੇਤਰ ਦੇ ਵਾਰਡ ਨੰਬਰ 6 ਮਮਤਾ ਇਨਕਲੇਵ ਦੇ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਇੱਕ ਅਹਿਮ ਮੰਗ ਨੂੰ ਪੂਰਾ ਕਰਦੇ ਹੋਏ ਸੜਕ ਨੂੰ ਲੁੱਕ ਨਾਲ ਨਵੇਂ ਸਿਰੇ ਤੋਂ ਤਿਆਰ ਕਰਨ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕ ਰੰਧਾਵਾ ਦਾ ਧੰਨਵਾਦ ਕੀਤਾ ਗਿਆ।
ਇਹ ਸੜਕ ਲਗਭਗ ਇੱਕ ਕਿਲੋਮੀਟਰ ਲੰਬੀ ਹੈ ਅਤੇ ਇਸ ਦੇ ਨਿਰਮਾਣ ‘ਤੇ ਕਰੀਬ 67 ਲੱਖ ਰੁਪਏ ਦੀ ਲਾਗਤ ਆਏਗੀ। ਕਾਫੀ ਸਮੇਂ ਤੋਂ ਖਰਾਬ ਹਾਲਤ ਕਾਰਨ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਲੋਕਾਂ ਵੱਲੋਂ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਸੁਖਾਵੀਂ ਹੋਵੇਗੀ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਦੇ ਹਰ ਇਲਾਕੇ ਵਿੱਚ ਵਿਕਾਸ ਕਾਰਜ ਤਰਜੀਹ ਦੇ ਆਧਾਰ ‘ਤੇ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਵਿੱਚ ਸੜਕਾਂ, ਨਿਕਾਸੀ ਪ੍ਰਣਾਲੀ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ, ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀ ਅਤੇ ਇਲਾਕੇ ਦੇ ਵਸਨੀਕ ਵੀ ਮੌਜੂਦ ਰਹੇ।