ਚੰਡੀਗੜ੍ਹ, 12 ਅਕਤੂਬਰ:- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅੰਨਦਾਤੇ ਦੇ ਇੱਕ-ਇੱਕ ਦਾਣੇ ਦੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉੱਤੇ ਖਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ, ਇਸ ਲਈ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਵੱਲੋਂ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ, ਪਖਾਨਿਆਂ, ਪਾਣੀ ਦੀ ਨਿਕਾਸੀ ਅਤੇ ਹੈਲਪ ਡੈਸਕ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਰਾਣਾ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਉਣੀ ਖਰੀਦ ਸੀਜ਼ਨ 2026-27 ਦੌਰਾਨ ਝੋਨੇ ਦੀ ਖਰੀਦ 1 ਅਕਤੂਬਰ ਦੀ ਬਜਾਏ 29 ਸਤੰਬਰ 2026 ਤੋਂ ਸ਼ੁਰੂ ਕਰ ਦਿੱਤੀ ਗਈ ਸੀ, ਜੋ 15 ਨਵੰਬਰ 2026 ਤੱਕ ਜਾਰੀ ਰਹੇਗੀ। ਭਾਰਤ ਸਰਕਾਰ ਵੱਲੋਂ ਆਮ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,441 ਰੁਪਏ ਪ੍ਰਤੀ ਕੁਇੰਟਲ ਅਤੇ ਗ੍ਰੇਡ-ਏ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਸੁਚਾਰੂ ਖਰੀਦ ਲਈ ਸੂਬੇ ਵਿੱਚ 278 ਮੰਡੀਆਂ, ਖਰੀਦ ਕੇਂਦਰ ਅਤੇ ਵਾਧੂ ਖਰੀਦ ਸਥਾਨ ਖੋਲ੍ਹੇ ਗਏ ਹਨ ਅਤੇ ਸਾਰਿਆਂ ਨੂੰ ਜੀਓ-ਫੈਂਸ ਕੀਤਾ ਗਿਆ ਹੈ। ਇਨ੍ਹਾਂ ਥਾਵਾਂ ’ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਹੈਫੇਡ ਅਤੇ ਹਰਿਆਣਾ ਰਾਜ ਵੇਅਰਹਾਊਸਿੰਗ ਨਿਗਮ ਵੱਲੋਂ ਖਰੀਦ ਕੀਤੀ ਜਾ ਰਹੀ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਦੱਸਿਆ ਕਿ ਇਸ ਸਾਲ ਭਾਰਤ ਸਰਕਾਰ ਨੇ ਹਰਿਆਣਾ ਲਈ 58 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਹੈ। ਇਸ ਦੇ ਨਾਲ ਹੀ, 10 ਫ਼ੀਸਦੀ ਟੁੱਟੇ ਚੌਲਾਂ ਸਮੇਤ 32.5 ਲੱਖ ਮੀਟਰਕ ਟਨ ਕਸਟਮ ਮਿਲਡ ਰਾਈਸ (ਸੀ.ਐਮ.ਆਰ.) ਭਾਰਤੀ ਖੁਰਾਕ ਨਿਗਮ ਨੂੰ ਸਪਲਾਈ ਕਰਨ ਦਾ ਟੀਚਾ ਵੀ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ 11 ਅਕਤੂਬਰ 2026 ਤੱਕ ਸੂਬੇ ਦੀਆਂ ਮੰਡੀਆਂ ਵਿੱਚ ਲਗਭਗ 17.25 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਸੀ, ਜਿਸ ਵਿੱਚੋਂ ਖਰੀਦ ਏਜੰਸੀਆਂ ਵੱਲੋਂ 10.78 ਲੱਖ ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਸੀ। ਖਰੀਦੇ ਗਏ ਝੋਨੇ ਦੀ ਢੋਆ-ਢੁਆਈ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ 4.19 ਲੱਖ ਮੀਟਰਕ ਟਨ ਝੋਨੇ ਦੀ ਢੋਆ-ਢੁਆਈ ਕੀਤੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ, ਪਿਛਲੇ ਸਾਲ ਸੂਬੇ ਵਿੱਚ 1,458 ਚੌਲ ਮਿੱਲਰਾਂ ਵੱਲੋਂ ਸੀ.ਐਮ.ਆਰ. ਦਾ ਕੰਮ ਕੀਤਾ ਗਿਆ ਸੀ, ਜਦਕਿ ਇਸ ਸਾਲ 10 ਅਕਤੂਬਰ 2026 ਤੱਕ 1,415 ਚੌਲ ਮਿੱਲਰਾਂ ਨੇ ਸੀ.ਐਮ.ਆਰ. ਦੇ ਕੰਮ ਲਈ ਰਜਿਸਟ੍ਰੇਸ਼ਨ ਕਰਵਾ ਲਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਵਿੱਚ ਨਮੀ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਝੋਨੇ ਦੀ ਕਟਾਈ ਸਬੰਧੀ ਮਨਾਹੀ ਦੇ ਹੁਕਮ ਵੀ ਜਾਰੀ ਕੀਤੇ ਜਾ ਚੁੱਕੇ ਹਨ।
ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਮੁੜ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
