ਐਸ.ਏ.ਐਸ.ਨਗਰ, 27 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਫਰ-ਏ-ਸ਼ਹਾਦਤ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਇਸ ਦਿਨ ਸਵੇਰੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਸੇਵਕ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸਰਬੰਸਦਾਨੀ ਸ੍ਰੀ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੁਆਰਾ ਧਰਮ ਦੀ ਖਾਤਰ ਛੋਟੀ ਉਮਰੇ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਬਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਣ ਦਾ ਉਪਰਾਲਾ ਕੀਤਾ। ਭਾਈ ਅਮਨਦੀਪ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਮੂਗਲ ਹਕੁਮਤ ਸਮੇਂ ਧਰਮ ਦੀ ਰਾਖੀ ਲਈ ਆਰਿਆਂ ਨਾਲ ਚੀਰ ਕੇ, ਚਰਖੜੀਆਂ ਤੇ ਚਾੜ ਕੇ, ਬੰਦ ਬੰਦ ਕਟਵਾ ਕੇ, ਖੋਪਰੀਆਂ ਉਤਰਵਾ ਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਮਰਜੀਵੜੇ ਸਿੰਘਾਂ ਬਾਰੇ ਵਿਸਥਾਰ ਸਾਹਿਤ ਸੁਣਾਇਆ।

ਇਸ ਤੋਂ ਇਲਾਵਾ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਭਾਈ ਗੁਰਦੀਪ ਸਿੰਘ ਅਬੋਹਰ ਵਾਲੇ, ਹਰਜੱਸ ਕੀਰਤਨੀ ਜੱਥਾ, ਭਾਈ ਧਰਮ ਸਿੰਘ ਮਾਹੀ, ਅਕਾਲ ਕਵੀਸ਼ਰੀ ਜੱਥਾ ਅਤੇ ਬੀਬੀ ਉੱਤਮਜੀਤ ਕੌਰ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।