ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਡਾਇਰੈਕਟੋਰੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਲੱਧੇਵਾਲ ਮਾਹਿਲਪੁਰ ਵਿਖੇ ਐਡਮਿਸ਼ਨ ਕਮ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਉਪਰਾਲੇ ਤਹਿਤ ਨਵੇਂ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਨੂੰ ਦਾਖ਼ਲਾ ਫ਼ੀਸ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਅਤੇ ਅਮੀਰ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ਵਿਰਾਸਤੀ ਮੇਲਾ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਵਿਦਿਆਰਥੀਆਂ ਵੱਲੋਂ ਪੁਰਾਤਨ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਪੁਰਾਤਨ ਘਰੇਲੂ ਵਸਤੂਆਂ ਦੀ ਸ਼ਾਨਦਾਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ, ਰਹਿਣ-ਸਹਿਣ ਅਤੇ ਪੁਰਾਤਨ ਜੀਵਨ-ਸ਼ੈਲੀ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਹੋਵੇਗੀ।

ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਪੱਧਰੀ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਨੈਤਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ, ਤਾਂ ਜੋ ਉਹ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਗ੍ਰਹਿਣ ਕਰ ਸਕਣ ਅਤੇ ਆਪਣਾ ਭਵਿੱਖ ਸੁਨਹਿਰੀ ਬਣਾ ਸਕਣ।