ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਲੱਦੇਵਾਲ ਮਾਹਿਲਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਿੱਖਿਆ ਡਾਇਰੈਕਟੋਰੇਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਵਿਦਿਆਰਥੀਆਂ ਦੇ ਕੋਮਲ ਮਨਾਂ ਵਿੱਚ ਆਪਣੀ ਮਾਂ-ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਅਤੇ ਅਪਣੱਤ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸਕੂਲ ਦੇ ਵੱਖ-ਵੱਖ ਸਥਾਨਾਂ ਅਤੇ ਜਮਾਤਾਂ ਵਿੱਚ ਸੁੰਦਰ ਬੋਰਡ ਲਗਾਏ ਗਏ ਹਨ।

ਇਨ੍ਹਾਂ ਬੋਰਡਾਂ ਉੱਤੇ ਗੁਰਮੁਖੀ ਲਿਪੀ ਦੇ ਅੱਖਰਾਂ, ਸ਼ਬਦ-ਜੋੜਾਂ, ਸ਼ੁੱਧ ਸ਼ਬਦਾਵਲੀ ਅਤੇ ਪੰਜਾਬੀ ਭਾਸ਼ਾ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਨੂੰ ਰਚਨਾਤਮਕ ਢੰਗ ਨਾਲ ਦਰਸਾਇਆ ਗਿਆ ਹੈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੋਜ਼ਾਨਾ ਸਕੂਲੀ ਜੀਵਨ ਵਿੱਚ ਪੰਜਾਬੀ ਭਾਸ਼ਾ ਨਾਲ ਜੋੜਨਾ ਅਤੇ ਉਨ੍ਹਾਂ ਦੀ ਭਾਸ਼ਾਈ ਸਮਝ ਨੂੰ ਵਧਾਉਣਾ ਹੈ।

ਸਕੂਲ ਦਾ ਇਹ ਉਪਰਾਲਾ ਇਸ ਵਿਚਾਰ ਨੂੰ ਦਰਸਾਉਂਦਾ ਹੈ ਕਿ ਹੋਰ ਭਾਸ਼ਾਵਾਂ ਸਿੱਖਣਾ ਸਮੇਂ ਦੀ ਲੋੜ ਹੈ, ਪਰ ਆਪਣੀ ਮਾਂ-ਬੋਲੀ ਨਾਲ ਪਿਆਰ ਕਰਨਾ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਸੰਭਾਲਣਾ ਸਾਡਾ ਨੈਤਿਕ ਫਰਜ਼ ਹੈ। ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਲਗਾਅ ਅਤੇ ਮਾਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।