ਸੰਗਰੂਰ:- ਡਾ. ਰਜਜੋਤ ਗਰੇਵਾਲ, ਆਈਪੀਐੱਸ, ਐੱਸਐੱਸਪੀ ਸੰਗਰੂਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਰੂਰ ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 1 ਅਕਤੂਬਰ 2026 ਤੋਂ 15 ਅਕਤੂਬਰ 2026 ਤੱਕ ਕਾਰਵਾਈ ਕਰਦਿਆਂ 105 ਮੁਕੱਦਮੇ ਦਰਜ ਕੀਤੇ ਗਏ ਅਤੇ 174 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਥਾਣਾ ਸਿਟੀ ਸੰਗਰੂਰ, ਸਿਟੀ-1 ਸੰਗਰੂਰ ਅਤੇ ਲਹਿਰਾਗਾਗਾ ਦੇ ਇਲਾਕਿਆਂ ਵਿੱਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਕਣਕ ਦੇ ਤਿੰਨ ਗੱਟੇ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ।
ਥਾਣਾ ਸਦਰ ਧੂਰੀ ਵੱਲੋਂ ਇੱਕ ਨਸ਼ਾ ਤਸਕਰ ਦੀ 2,50,000 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ।
ਇਸ ਮੁਹਿੰਮ ਦੌਰਾਨ ਐਨਡੀਪੀਐੱਸ ਐਕਟ ਤਹਿਤ 78 ਮੁਕੱਦਮੇ ਦਰਜ ਕਰਕੇ 141 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 347 ਗ੍ਰਾਮ ਹੈਰੋਇਨ, 37 ਕਿਲੋ ਭੁੱਕੀ ਚੂਰਾ ਪੋਸਤ, 300 ਗ੍ਰਾਮ ਭੰਗ ਅਤੇ 608 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰਦਿਆਂ 27 ਮੁਕੱਦਮੇ ਦਰਜ ਕਰਕੇ 33 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 484.500 ਲੀਟਰ ਠੇਕੇ ਦੀ ਸ਼ਰਾਬ ਅਤੇ 60.250 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਇੱਕ ਭਗੌੜੇ ਮੁਲਜ਼ਮ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਆਮ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਅਤੇ ਸੰਪਰਕ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਸਮੇਂ ਦੌਰਾਨ ਵੱਖ-ਵੱਖ ਗਜ਼ਟਿਡ ਅਧਿਕਾਰੀਆਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ 52 ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਨਸ਼ਿਆਂ ਦੀ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਤੇ ਸਮਾਜ ਉੱਤੇ ਮਾੜਾ ਅਸਰ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਵਿਰੁੱਧ ਜੰਗ ਜਾਰੀ ਹੈ।
