ਸੰਗਰੂਰ:- ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਸੰਗਰੂਰ ਡਾ. ਰੱਜੋਤ ਗਰੇਵਾਲ, ਆਈਪੀਐਸ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ 16 ਅਕਤੂਬਰ 2026 ਤੋਂ 23 ਅਕਤੂਬਰ 2026 ਤੱਕ 38 ਮੁਕੱਦਮੇ ਦਰਜ ਕਰਕੇ 44 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਥਾਣਾ ਸਿਟੀ ਸੰਗਰੂਰ, ਲੌਂਗੋਵਾਲ ਅਤੇ ਲਹਿਰਾ ਦੇ ਇਲਾਕਿਆਂ ਵਿੱਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕੋਲੋਂ ਇੱਕ ਟਿਊਬਵੈੱਲ ਪੰਪ, ਵੱਖ-ਵੱਖ ਆਕਾਰ ਦੀਆਂ ਕੇਬਲ ਤਾਰਾਂ ਦੇ ਨੌਂ ਟੋਟੇ, ਦੋ ਮੋਟਰ ਸਟਾਰਟਰ, ਦੋ ਕੁਇੰਟਲ ਲੱਕੜ, ਇੱਕ ਮੋਟਰਸਾਈਕਲ ਰੇਹੜੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੇ ਗਏ।
**ਨਸ਼ਿਆਂ ਅਤੇ ਸ਼ਰਾਬ ਵਿਰੁੱਧ ਕਾਰਵਾਈ**
ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਐਨਡੀਪੀਐਸ ਐਕਟ ਅਧੀਨ 33 ਮੁਕੱਦਮੇ ਦਰਜ ਕਰਕੇ 39 ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਕੋਲੋਂ 264 ਗ੍ਰਾਮ ਹੈਰੋਇਨ, 1 ਕਿਲੋ 265 ਗ੍ਰਾਮ ਭੁੱਕੀ ਚੂਰਾ ਪੋਸਤ, 275 ਗ੍ਰਾਮ ਸੁਲਫਾ/ਗਾਂਜਾ ਅਤੇ ਨਸ਼ੀਲੀਆਂ 48 ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਵਿਰੁੱਧ ਪੰਜ ਮੁਕੱਦਮੇ ਦਰਜ ਕਰਕੇ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ 57 ਲੀਟਰ ਠੇਕਾ ਦੇਸੀ ਸ਼ਰਾਬ ਅਤੇ 27 ਲੀਟਰ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਤਿੰਨ ਪੀ.ਓ. (ਭਗੌੜਿਆਂ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਆਮ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਅਤੇ ਸੰਪਰਕ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਸਮੇਂ ਦੌਰਾਨ ਗਜ਼ਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰਾਂ ਵੱਲੋਂ 42 ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਨਸ਼ਿਆਂ ਦੀ ਰੋਕਥਾਮ ਲਈ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਅਤੇ ਮਾੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਕਰਦਿਆਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
