ਸੰਗਰੂਰ, 17 ਨਵੰਬਰ:- ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਸਬ-ਡਵੀਜ਼ਨ ਦੀ ਪੁਲਿਸ ਨੇ 10 ਤੋਂ 16 ਨਵੰਬਰ 2026 ਤੱਕ ਐੱਨ.ਡੀ.ਪੀ.ਐੱਸ. ਐਕਟ ਤਹਿਤ ਤਿੰਨ ਮੁਕੱਦਮੇ ਦਰਜ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕੁੱਲ 132.07 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਹਫ਼ਤਾਵਾਰੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ, ਆਈ.ਪੀ.ਐੱਸ., ਨੇ ਦੱਸਿਆ ਕਿ ਇਸੇ ਅਰਸੇ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ਾ ਛੱਡਣ ਦੇ ਇਲਾਜ ਲਈ ਵੀ ਦਾਖ਼ਲ ਕਰਵਾਇਆ। ਉਨ੍ਹਾਂ ਦੱਸਿਆ ਕਿ ਸੰਗਰੂਰ ਸਬ-ਡਵੀਜ਼ਨ ਦੀ ਪੁਲਿਸ ਨੇ ਗੰਭੀਰ ਅਤੇ ਹੋਰ ਅਪਰਾਧਿਕ ਮਾਮਲਿਆਂ ਵਿੱਚ 10 ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ।
ਐੱਸ.ਐੱਸ.ਪੀ. ਨੇ ਦੱਸਿਆ ਕਿ ਹਫ਼ਤੇ ਦੌਰਾਨ ਵਾਹਨਾਂ ਦੀ ਚੈਕਿੰਗ ਕਰਦਿਆਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੇ ਵੱਖ-ਵੱਖ ਮਾਮਲਿਆਂ ਵਿੱਚ ਕਰੀਬ 168 ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 172 ਤਹਿਤ 427 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ।
ਡਾ. ਗਰੇਵਾਲ ਨੇ ਦੱਸਿਆ ਕਿ ‘ਪਿੰਡਾਂ ਦੇ ਪਹਿਰੇਦਾਰ’ ਮੁਹਿੰਮ ਤਹਿਤ ਪੁਲਿਸ ਵੱਲੋਂ ਪੰਚਾਇਤਾਂ, ਖੇਡ ਕਲੱਬਾਂ ਅਤੇ ਪਿੰਡਾਂ ਦੇ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਬਾਰੇ ਕੋਈ ਵੀ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਬਾਰੇ ਸੂਚਨਾ ਮਿਲਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਵਾਤਾਵਰਣ ਦੀ ਸੰਭਾਲ ਲਈ ਪੁਲਿਸ ਵੱਲੋਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨੂੰ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
