ਧੂਰੀ, 24 ਸਤੰਬਰ:- ਨਗਰ ਕੌਂਸਲ ਧੂਰੀ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਈ ਰੱਖਣ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਤਹਿਤ ਨਗਰ ਕੌਂਸਲ ਦੇ ਪ੍ਰਧਾਨ ਅਮਰਜੋਤ ਕੌਰ ਬਾਜਵਾ ਨੇ ਸਵੱਛਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐੱਸ.ਡੀ. ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੀ ਸਵੱਛਤਾ ਮੁਹਿੰਮ ਵਿੱਚ ਸਰਗਰਮ ਸਹਿਯੋਗ ਦਿੱਤਾ ਗਿਆ।

ਇਸ ਮੌਕੇ ਪ੍ਰਧਾਨ ਅਮਰਜੋਤ ਕੌਰ ਬਾਜਵਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਹਰੇਕ ਸ਼ਹਿਰ ਵਾਸੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਅਤੇ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਨਗਰ ਕੌਂਸਲ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦੁਕਾਨਾਂ ਤੋਂ ਨਿਕਲਣ ਵਾਲੇ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ ਅਤੇ ਇਸ ਨੂੰ ਨਿਰਧਾਰਤ ਡਸਟਬਿਨਾਂ ਜਾਂ ਕੂੜਾ ਇਕੱਠਾ ਕਰਨ ਵਾਲੇ ਸਾਧਨਾਂ ਵਿੱਚ ਹੀ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਕੂੜੇ ਨੂੰ ਵੱਖ-ਵੱਖ ਰੱਖਣ ਨਾਲ ਕੂੜਾ ਇਕੱਠਾ ਕਰਨ ਵਾਲੇ ਪਿੱਕਰਜ਼ ਅਤੇ ਸਫਾਈ ਕਰਮਚਾਰੀਆਂ ਨੂੰ ਵੇਸਟ ਮਟੀਰੀਅਲ ਇਕੱਠਾ ਕਰਨ ਅਤੇ ਇਸ ਦੇ ਸਹੀ ਨਿਪਟਾਰੇ ਵਿੱਚ ਵੀ ਆਸਾਨੀ ਹੋਵੇਗੀ।

ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਧੂਰੀ ਸ਼ਹਿਰ ਪਹਿਲਾਂ ਦੇ ਮੁਕਾਬਲੇ ਕਾਫ਼ੀ ਸਾਫ਼-ਸੁਥਰਾ ਹੋ ਰਿਹਾ ਹੈ ਅਤੇ ਇਸ ਸਫਾਈ ਵਿਵਸਥਾ ਨੂੰ ਅੱਗੇ ਵੀ ਬਰਕਰਾਰ ਰੱਖਣ ਲਈ ਨਗਰ ਕੌਂਸਲ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਇਸ ਮੌਕੇ ਐੱਸ.ਡੀ. ਸਕੂਲ ਦੇ ਵਿਦਿਆਰਥੀਆਂ ਵੱਲੋਂ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਰੈਲੀ ਵਿੱਚ ਭਾਗ ਲਿਆ ਗਿਆ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ, ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਕਾਰਜਸਾਧਕ ਅਫ਼ਸਰ ਗੁਰਵਿੰਦਰ ਸਿੰਘ, ਕੌਂਸਲਰ ਰਾਜੀਵ ਚੌਧਰੀ, ਸੁਸ਼ੀਲ ਰਾਣੀ, ਬਿੱਲਾ ਸਿੰਘ, ਸ਼ਸ਼ੀ ਦੇਵੀ, ਐਸ.ਆਈ ਰਾਜੇਸ਼ ਕੁਮਾਰ, ਨਵਦੀਪ ਕੁਮਾਰ ਸਮੇਤ ਐਸ.ਬੀ.ਐਮ ਟੀਮ ਮੌਜੂਦ ਸੀ।