ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ:- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਐਸ.ਏ.ਐਸ. ਨਗਰ ਸ੍ਰੀ ਨਮਨ ਮੜਕਣ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧਾਂ ਅਤੇ ਅਦਾਲਤੀ ਕੇਸਾਂ ਦੀ ਸਥਿਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ।
ਬੀਤੀ 11 ਨਵੰਬਰ, 2026 ਨੂੰ ਆਪਣਾ ਅਹੁਦਾ ਸੰਭਾਲਣ ਉਪਰੰਤ ਕੀਤੀ ਗਈ ਇਸ ਪਹਿਲੀ ਵਿਸ਼ੇਸ਼ ਸਮੀਖਿਆ ਮੀਟਿੰਗ ਵਿੱਚ ਸਮੂਹ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨੀਅਰਾਂ, ਸਹਾਇਕ ਮਿਉਂਸਪਲ ਇੰਜੀਨੀਅਰਾਂ, ਸੈਨੇਟਰੀ ਇੰਸਪੈਕਟਰਾਂ ਅਤੇ ਲੇਖਾਕਾਰਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮਿਆਰੀ ਢੰਗ ਨਾਲ ਮੁਕੰਮਲ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ।
ਉਨ੍ਹਾਂ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ, ਸੈਨੀਟੇਸ਼ਨ ਕਾਰਜਾਂ ਅਤੇ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਨਾਲ ਸਬੰਧਤ ਵੱਖ-ਵੱਖ ਅਦਾਲਤੀ ਕੇਸਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਕੇਸਾਂ ਵਿੱਚ ਸਮੇਂ ਸਿਰ ਜਵਾਬਦਾਅਵੇ ਦਾਇਰ ਕੀਤੇ ਜਾਣ ਅਤੇ ਮਾਨਯੋਗ ਅਦਾਲਤਾਂ ਵੱਲੋਂ ਜਾਰੀ ਹਦਾਇਤਾਂ ਦੀ ਨਿਰਧਾਰਤ ਸਮੇਂ ਅੰਦਰ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਅਦਾਲਤੀ ਕੇਸਾਂ ਦੀ ਪੈਰਵੀ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਕੀਤੀ ਜਾਵੇ, ਤਾਂ ਜੋ ਸਰਕਾਰੀ ਹਿੱਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਕੀਤੀ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਅਤੇ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਤੋਂ ਇਲਾਵਾ, ਵਧੀਕ ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਐਸ.ਏ.ਐਸ. ਨਗਰ ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਜਾਇਦਾਦਾਂ ਦੀ ਖਰੀਦ-ਵੇਚ ਸਮੇਂ ਲੋੜੀਂਦੀ ਜਾਂਚ-ਪੜਤਾਲ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਮੀਡੀਆ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਇਦਾਦ ਖਰੀਦਣ ਜਾਂ ਵੇਚਣ ਤੋਂ ਪਹਿਲਾਂ ਉਸ ਦੇ ਮਾਲਕੀ ਦਸਤਾਵੇਜ਼ਾਂ, ਸਬੰਧਤ ਰਿਕਾਰਡ, ਲੋੜੀਂਦੀਆਂ ਸਰਕਾਰੀ ਪ੍ਰਵਾਨਗੀਆਂ ਅਤੇ ਕਿਸੇ ਵੀ ਤਰ੍ਹਾਂ ਦੇ ਕਾਨੂੰਨੀ ਵਿਵਾਦ ਜਾਂ ਅਦਾਲਤੀ ਕੇਸ ਦੀ ਪੂਰੀ ਜਾਂਚ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਵੇ। ਇਸ ਸਬੰਧੀ ਲੋੜ ਅਨੁਸਾਰ ਨਗਰ ਕੌਂਸਲ ਨਾਲ ਤਾਲਮੇਲ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਲੋਕ ਭਵਿੱਖ ਵਿੱਚ ਸੰਭਾਵੀ ਧੋਖਾਧੜੀ ਅਤੇ ਕਾਨੂੰਨੀ ਵਿਵਾਦਾਂ ਤੋਂ ਬਚ ਸਕਣ।
