ਗੜ੍ਹਸ਼ੰਕਰ:- ਸ਼ਹਿਰ ਵਿੱਚ ਟਿੱਪਰਾਂ ਦੀ ਬੇਰੋਕ-ਟੋਕ ਆਵਾਜਾਈ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਗੱਲ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਕਹੀ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਟਿੱਪਰਾਂ ਦੀ ਸ਼ਹਿਰ ਵਿੱਚ ਆਵਾਜਾਈ ਲਈ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਕਈ ਟਿੱਪਰ ਚਾਲਕ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਵੇਰੇ 7 ਵਜੇ ਤੋਂ ਬਾਅਦ ਵੀ ਬਿਨਾਂ ਕਿਸੇ ਡਰ ਦੇ ਸ਼ਹਿਰ ਵਿੱਚ ਦਾਖ਼ਲ ਹੋ ਰਹੇ ਹਨ।
ਸਤੀਸ਼ ਕੁਮਾਰ ਸੋਨੀ ਨੇ ਕਿਹਾ ਕਿ ਸਵੇਰੇ ਸਕੂਲ ਦੇ ਸਮੇਂ ਟਰੈਫਿਕ ਪੁਲਿਸ ਦੀ ਗੈਰਹਾਜ਼ਰੀ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਟਿੱਪਰਾਂ ਦੀ ਭੀੜ ਵਿਚੋਂ ਸਕੂਲ ਬੱਸਾਂ ਨੂੰ ਕੱਢਣ ਲਈ ਬੱਸ ਚਾਲਕਾਂ ਨੂੰ ਕਾਫ਼ੀ ਮੁਸ਼ੱਕਤ ਕਰਨੀ ਪੈਂਦੀ ਹੈ, ਜਿਸ ਕਾਰਨ ਕਈ ਵਾਰ ਵਿਦਿਆਰਥੀ ਸਕੂਲ ਦੇਰ ਨਾਲ ਪਹੁੰਚਦੇ ਹਨ। ਇਸ ਦੇ ਨਾਲ ਹੀ ਨੌਕਰੀਪੇਸ਼ਾ ਲੋਕਾਂ ਨੂੰ ਵੀ ਸਮੇਂ ਸਿਰ ਆਪਣੇ ਕੰਮਕਾਜ ਵਾਲੀਆਂ ਥਾਵਾਂ 'ਤੇ ਪਹੁੰਚਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਟਿੱਪਰਾਂ ਕਾਰਨ ਲੱਗਣ ਵਾਲੇ ਟਰੈਫਿਕ ਜਾਮ ਨਾਲ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਟਰੈਫਿਕ ਵਿਵਸਥਾ ਸੁਧਾਰਨ ਲਈ ਹੁਕਮ ਤਾਂ ਜਾਰੀ ਕਰ ਦਿੱਤੇ ਜਾਂਦੇ ਹਨ, ਪਰ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਲਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।
ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਨੇ ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਦੇ ਸਮੇਂ ਦੌਰਾਨ ਟਰੈਫਿਕ ਪੁਲਿਸ ਦੀ ਨਿਯਮਤ ਤਾਇਨਾਤੀ ਯਕੀਨੀ ਬਣਾਈ ਜਾਵੇ ਅਤੇ ਟਿੱਪਰਾਂ ਦੀ ਆਵਾਜਾਈ ਸਬੰਧੀ ਲਾਗੂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਦੇ ਹੋਏ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।