ਚੰਡੀਗੜ੍ਹ (ਬਹਾਦਰ ਸਿੰਘ):- ਵਿਸ਼ਵ ਪੰਜਾਬੀ ਪ੍ਰਚਾਰ ਸਭਾ, ਚੰਡੀਗੜ੍ਹ ਵੱਲੋਂ ਸਰਕਾਰੀ ਸਮਾਰਟ ਮਾਡਲ ਹਾਈ ਸਕੂਲ, ਸੈਕਟਰ-48, ਚੰਡੀਗੜ੍ਹ ਦੇ ਲਾਇਬ੍ਰੇਰੀ ਹਾਲ ਵਿੱਚ ਪ੍ਰਸਿੱਧ ਸਾਹਿਤਕਾਰ ਅਤੇ ਸਭਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੀ ਸਕੂਲੀ ਬੱਚਿਆਂ ਨਾਲ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਵਿੱਚ ਕਵਿਤਾਵਾਂ, ਮਿੰਨੀ ਕਹਾਣੀਆਂ ਅਤੇ ਲੇਖ ਲਿਖਣ ਦੀ ਰੁਚੀ ਪੈਦਾ ਕਰਨ ਅਤੇ ਕਲਮ ਪ੍ਰਤੀ ਪਿਆਰ ਪੈਦਾ ਕਰਨ ਲਈ ਰੱਖਿਆ ਗਿਆ ਸੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਤੇ ਕਈ ਅਧਿਆਪਕ ਵੀ ਹਾਜ਼ਰ ਸਨ।

ਇਸ ਮੌਕੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਛੋਟੀਆਂ ਕਵਿਤਾਵਾਂ ਅਤੇ ਮਿੰਨੀ ਕਹਾਣੀਆਂ ਲਿਖਣ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਭਵਿੱਖ ਵਿੱਚ ਵੱਡੇ ਕਵੀ, ਲੇਖਕ, ਸਾਹਿਤਕਾਰ ਅਤੇ ਪੱਤਰਕਾਰ ਬਣ ਕੇ ਸਮਾਜ ਦੀ ਸੇਵਾ ਕਰ ਸਕਣ। ਉਨ੍ਹਾਂ ਨੇ ਬੱਚਿਆਂ ਨੂੰ ਆਪਣੀ ਸਿੱਖਿਆ ਅਤੇ ਸਾਹਿਤਕ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਸਾਰੇ ਵਿਦਿਆਰਥੀ ਇਹ ਜਾਣ ਕੇ ਬਹੁਤ ਪ੍ਰਭਾਵਿਤ ਹੋਏ ਕਿ ਹੁਣ ਤੱਕ ਉਨ੍ਹਾਂ ਦੀਆਂ 125 ਕਿਤਾਬਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਵਿਦਿਆਰਥੀ ਉਨ੍ਹਾਂ ਦੀ ਲੇਖਣੀ ਦੀਆਂ ਪ੍ਰਾਪਤੀਆਂ ਤੋਂ ਵੀ ਹੈਰਾਨ ਰਹਿ ਗਏ, ਕਿਉਂਕਿ ਉਹ ਜਾਣਦੇ ਸਨ ਕਿ ਪ੍ਰਿੰਸੀਪਲ ਗੋਸਲ ਗਣਿਤ ਅਤੇ ਵਿਗਿਆਨ ਦੇ ਅਧਿਆਪਕ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬੀ ਵਿੱਚ ਸੌ ਤੋਂ ਵੱਧ ਕਿਤਾਬਾਂ ਲਿਖੀਆਂ ਹਨ।

ਪ੍ਰਿੰਸੀਪਲ ਗੋਸਲ ਨੇ ਵਿਦਿਆਰਥੀਆਂ ਵੱਲੋਂ ਸਾਹਿਤ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਝਿਜਕ ਦੇ ਕਲਮ ਚੁੱਕਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ, ਚੰਡੀਗੜ੍ਹ ਵੱਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਗੋਸਲ ਵੱਲੋਂ ਲਿਖੀਆਂ ਕਿਤਾਬਾਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਗੋਸਲ ਨੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਵਿੰਦਰ ਕੌਰ, ਸ੍ਰੀਮਤੀ ਰੇਖਾ, ਸ੍ਰੀਮਤੀ ਯਸ਼ਮੀਨ ਕੌਰ ਅਤੇ ਧਰਮਵੀਰ ਸਿੰਘ ਨੂੰ ਵੀ ਯਾਦਗਾਰੀ ਚਿੰਨ੍ਹ ਅਤੇ ਕਿਤਾਬਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੂੰ ਯਾਦਗਾਰੀ ਬੂਟਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਸਰਦਾਰ ਬਲਵਿੰਦਰ ਸਿੰਘ ਅਤੇ ਸਕੂਲ ਦੇ ਕਈ ਹੋਰ ਅਧਿਆਪਕ ਤੇ ਵਿਦਿਆਰਥੀ ਵੀ ਹਾਜ਼ਰ ਸਨ।