ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਸਤੰਬਰ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਭਗਵਾਸੀ ਅਤੇ ਤੋਫਾਪੁਰ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਦਾ ਐਲ.ਈ.ਡੀ. ਸਕਰੀਨ ਰਾਹੀਂ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ, ਭਾਈਚਾਰੇ, ਸਾਂਝੀਵਾਲਤਾ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦੀਆਂ ਹਨ। ਪੰਜਾਬ ਸਰਕਾਰ ਵੱਲੋਂ ਇਹ ਡਾਕੂਮੈਂਟਰੀ ਪਿੰਡ-ਪਿੰਡ ਦਿਖਾਉਣ ਦਾ ਉਦੇਸ਼ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ, ਵਿਚਾਰਧਾਰਾ ਅਤੇ ਮਨੁੱਖਤਾ ਪ੍ਰਤੀ ਦਿੱਤੇ ਸੰਦੇਸ਼ ਤੋਂ ਜਾਣੂ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ 30 ਮਿੰਟ ਦੀ ਇਹ ਡਾਕੂਮੈਂਟਰੀ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸਮਾਜ ਵਿੱਚ ਬਰਾਬਰੀ, ਸਦਭਾਵਨਾ ਅਤੇ ਭਾਈਚਾਰਕ ਏਕਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦੀ ਹੈ। ਪਿੰਡ ਭਗਵਾਸੀ ਅਤੇ ਤੋਫਾਪੁਰ ਦੇ ਵਾਸੀਆਂ ਨੇ ਫਿਲਮ ਦੇਖ ਕੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਵਿਧਾਇਕ ਨੇ ਕਿਹਾ ਕਿ ਗੁਰੂ ਜੀ ਦੀ ਬਾਣੀ ਅਤੇ ਵਿਚਾਰਧਾਰਾ ਅੱਜ ਵੀ ਉਤਨੀ ਹੀ ਪ੍ਰਸੰਗਿਕ ਹੈ ਅਤੇ ਇਸ ਸੰਦੇਸ਼ ਨੂੰ ਹਰ ਵਰਗ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।