ਸ੍ਰੀ ਚਿੰਤਪੁਰਨੀ (ਊਨਾ), 5 ਅਕਤੂਬਰ:- ਮਾਤਾ ਸ੍ਰੀ ਚਿੰਤਪੁਰਨੀ ਵਿਖੇ ਅਸੂਜ ਨਵਰਾਤਰੀ ਮੇਲਾ 11 ਤੋਂ 20 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਐਸ.ਡੀ.ਐਮ. ਅੰਬ ਪਾਰਸ ਅਗਰਵਾਲ ਨੇ ਸੋਮਵਾਰ ਨੂੰ ਮੇਲੇ ਦੀਆਂ ਤਿਆਰੀਆਂ ਸਬੰਧੀ ਮਾਈਦਾਸ ਸਦਨ ਵਿਖੇ ਕਰਵਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਪਾਰਸ ਅਗਰਵਾਲ ਨੇ ਦੱਸਿਆ ਕਿ ਮੇਲੇ ਦੇ ਸਫਲ ਆਯੋਜਨ ਲਈ ਐਸ.ਡੀ.ਐਮ. ਅੰਬ ਨੂੰ ਮੇਲਾ ਅਫਸਰ, ਜਦਕਿ ਡੀ.ਐਸ.ਪੀ. ਅੰਬ ਨੂੰ ਪੁਲਿਸ ਮੇਲਾ ਅਫਸਰ ਤਾਇਨਾਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੀ ਸਹਾਇਤਾ ਲਈ ਚਾਰ ਹੋਰ ਪੁਲਿਸ ਅਧਿਕਾਰੀ ਵੀ ਤਾਇਨਾਤ ਰਹਿਣਗੇ। ਐਸ.ਐਮ.ਓ. ਨੂੰ ਮੇਲੇ ਵਿੱਚ ਮੈਡੀਕਲ ਅਫਸਰ ਵਜੋਂ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲਾ ਖੇਤਰ ਨੂੰ ਚਾਰ ਸੈਕਟਰਾਂ ਵਿੱਚ ਵੰਡਿਆ ਜਾਵੇਗਾ। ਮੇਲਾ ਖੇਤਰ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਅਤੇ ਹੋਮਗਾਰਡ ਦੇ ਜਵਾਨ ਤਾਇਨਾਤ ਕੀਤੇ ਜਾਣਗੇ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਮੇਲਾ ਖੇਤਰ ਦੇ ਚਾਰੇ ਸੈਕਟਰਾਂ ਵਿੱਚ ਸਫਾਈ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਇੱਕ-ਇੱਕ ਸੁਪਰਵਾਈਜ਼ਰ ਤਾਇਨਾਤ ਰਹੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸ਼ਕਤੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੇਲੇ ਤੋਂ ਪਹਿਲਾਂ ਪੀਣ ਵਾਲੇ ਪਾਣੀ ਦੇ ਟੈਂਕਾਂ ਦੀ ਸਫਾਈ ਯਕੀਨੀ ਬਣਾਉਣ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਲਈ ਚਾਰ ਥਾਵਾਂ ’ਤੇ ਪਿਆਊ ਵੀ ਲਗਾਏ ਜਾਣਗੇ।
ਉਨ੍ਹਾਂ ਬਿਜਲੀ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਮੇਲੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗ ਬੁਝਾਊ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਅੱਗ ਬੁਝਾਊ ਵਾਹਨ ਸਹੀ ਹਾਲਤ ਵਿੱਚ ਹੋਣੇ ਚਾਹੀਦੇ ਹਨ। ਜੇਕਰ ਵਾਹਨਾਂ ਵਿੱਚ ਕੋਈ ਦਿੱਕਤ ਹੈ ਤਾਂ ਮੇਲੇ ਤੋਂ ਪਹਿਲਾਂ ਅੱਗ ਬੁਝਾਊ ਵਾਹਨਾਂ ਦੀ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹਾਈਡ੍ਰੈਂਟ ਖਰਾਬ ਹਾਲਤ ਵਿੱਚ ਹਨ ਤਾਂ ਉਨ੍ਹਾਂ ਨੂੰ ਜਲਦ ਠੀਕ ਕਰਵਾਉਣ ਦੇ ਨਾਲ ਰਿਪੋਰਟ ਦੇਣੀ ਵੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸਪੈਸ਼ਲ ਟਾਸਕ ਫੋਰਸ ਦਾ ਗਠਨ ਕਰਕੇ ਭੀਖ ਮੰਗਣ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ ਅਤੇ ਜੇਕਰ ਕਿਤੇ ਕੋਈ ਵਿਅਕਤੀ ਬੱਚਿਆਂ ਤੋਂ ਭੀਖ ਮੰਗਵਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪੋਕਸੋ ਐਕਟ ਤਹਿਤ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਮਾਤਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਦਰਸ਼ਨ ਪਰਚੀ ਮਾਈ ਦਾਸ ਸਦਨ, ਸ਼ੰਭੂ ਬੈਰੀਅਰ ਅਤੇ ਐਮ.ਆਰ.ਸੀ. ਵਿਖੇ ਮਿਲੇਗੀ। ਇਸ ਤੋਂ ਇਲਾਵਾ ਲੰਗਰ ਲਗਾਉਣ ਲਈ ਇਜਾਜ਼ਤ ਲੈਣਾ ਲਾਜ਼ਮੀ ਹੋਵੇਗਾ।
ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀਆਂ ਸਮੇਤ ਹੋਰ ਹਾਜ਼ਰ ਸਨ।
