ਰਤੀਆ, 18 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੇ ਬੁੱਧਵਾਰ ਨੂੰ ਰਤੀਆ ਖੇਤਰ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ ਦਾ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਲਘੂ ਸਕੱਤਰੇਤ ਕੰਪਲੈਕਸ, ਅਨਾਜ ਮੰਡੀ, ਸਿਵਲ ਹਸਪਤਾਲ, ਕੇ.ਟੀ. ਕਾਲਜ ਅਤੇ ਸਹਨਾਲ ਰੋਡ ਸਥਿਤ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਲਘੂ ਸਕੱਤਰੇਤ ਕੰਪਲੈਕਸ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਉੱਥੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੂਰੇ ਕੰਪਲੈਕਸ ਨੂੰ ਸਾਫ਼-ਸੁਥਰਾ ਅਤੇ ਵਿਵਸਥਿਤ ਰੱਖਿਆ ਜਾਵੇ। ਕੰਪਲੈਕਸ ਵਿੱਚ ਲੱਗੇ ਰੁੱਖਾਂ ਦੀਆਂ ਸੁੱਕੀਆਂ ਅਤੇ ਬੇਲੋੜੀਆਂ ਟਾਹਣੀਆਂ ਦੀ ਛੰਗਾਈ ਕਰਵਾਈ ਜਾਵੇ ਅਤੇ ਆਲੇ-ਦੁਆਲੇ ਇਕੱਠੇ ਹੋਏ ਕੂੜੇ-ਕਰਕਟ ਨੂੰ ਹਟਾ ਕੇ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼-ਸੁਥਰਾ ਮਾਹੌਲ ਮਿਲਣਾ ਚਾਹੀਦਾ ਹੈ ਅਤੇ ਇਸ ਲਈ ਸਾਰੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣ।
ਇਸ ਤੋਂ ਬਾਅਦ ਐੱਸ.ਡੀ.ਐੱਮ. ਨੇ ਰਤੀਆ ਅਨਾਜ ਮੰਡੀ ਅਤੇ ਸਹਨਾਲ ਰੋਡ ਸਥਿਤ ਖਰੀਦ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮੰਡੀ ਵਿੱਚ ਫ਼ਸਲਾਂ ਦੀ ਖਰੀਦ, ਚੁਕਾਈ, ਸਫ਼ਾਈ ਅਤੇ ਕਿਸਾਨਾਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀ ਅਤੇ ਖਰੀਦ ਕੇਂਦਰਾਂ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣ ਦੇ ਨਾਲ-ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
ਸਿਵਲ ਹਸਪਤਾਲ ਦੇ ਨਿਰੀਖਣ ਦੌਰਾਨ ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਸਫ਼ਾਈ, ਪਖਾਨਿਆਂ, ਦਵਾਈਆਂ ਦੀ ਉਪਲਬਧਤਾ ਅਤੇ ਉਨ੍ਹਾਂ ਦੀ ਵੰਡ ਪ੍ਰਣਾਲੀ ਦੀ ਜਾਂਚ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ ਅਤੇ ਦਵਾਈਆਂ ਦੀ ਕਮੀ ਨਾ ਹੋਣ ਦਿੱਤੀ ਜਾਵੇ। ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹਸਪਤਾਲ ਪ੍ਰਬੰਧਨ ਨੂੰ ਸਾਰੇ ਪਖਾਨਿਆਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ ਅਤੇ ਹਸਪਤਾਲ ਦੇ ਅਹਾਤੇ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਵੀ ਕਿਹਾ।
ਨਿਰੀਖਣ ਦੌਰਾਨ ਐੱਸ.ਡੀ.ਐੱਮ. ਨੇ ਨਸ਼ੇ ਦੀ ਲਤ ਤੋਂ ਪੀੜਤ ਇੱਕ ਨੌਜਵਾਨ ਨਾਲ ਵੀ ਗੱਲਬਾਤ ਕੀਤੀ ਅਤੇ ਉਸ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮਝਾਇਆ ਕਿ ਨਸ਼ਾ ਵਿਅਕਤੀ ਦੀ ਸਿਹਤ, ਪਰਿਵਾਰ ਅਤੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੌਜਵਾਨ ਨੂੰ ਨਸ਼ਾ ਛੱਡ ਕੇ ਸਿਹਤਮੰਦ ਜੀਵਨ ਅਪਣਾਉਣ ਅਤੇ ਲੋੜ ਪੈਣ ’ਤੇ ਇਲਾਜ ਤੇ ਸਲਾਹ-ਮਸ਼ਵਰਾ ਲੈਣ ਲਈ ਉਤਸ਼ਾਹਿਤ ਕੀਤਾ।
ਇਸ ਤੋਂ ਬਾਅਦ ਉਨ੍ਹਾਂ ਨੇ ਕੇ.ਟੀ. ਕਾਲਜ ਦਾ ਨਿਰੀਖਣ ਕੀਤਾ। ਇੱਥੇ ਉਨ੍ਹਾਂ ਨੇ ਵੱਖ-ਵੱਖ ਰਜਿਸਟਰਾਂ ਅਤੇ ਰਿਕਾਰਡ ਦੀ ਜਾਂਚ ਕੀਤੀ ਅਤੇ ਕਾਲਜ ਕੰਪਲੈਕਸ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਸਟਾਫ਼ ਨੂੰ ਸਾਰੇ ਰਜਿਸਟਰ ਅਤੇ ਰਿਕਾਰਡ ਅੱਪਡੇਟ ਰੱਖਣ ਅਤੇ ਕਾਲਜ ਦੇ ਅਹਾਤੇ ਨੂੰ ਸਾਫ਼-ਸੁਥਰਾ ਤੇ ਵਿਵਸਥਿਤ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।
ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ, ਸਿਹਤ ਸੰਸਥਾਵਾਂ, ਵਿਦਿਅਕ ਸੰਸਥਾਵਾਂ ਅਤੇ ਜਨਤਕ ਥਾਵਾਂ ’ਤੇ ਸਫ਼ਾਈ ਅਤੇ ਬਿਹਤਰ ਪ੍ਰਬੰਧ ਬਣਾਈ ਰੱਖਣਾ ਸਾਰੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ। ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਧਿਕਾਰੀ ਆਪਣੇ ਕੰਮਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਨਿਰੀਖਣ ਦੌਰਾਨ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ।
