ਰਤੀਆ, 22 ਨਵੰਬਰ (ਐਡਵੋਕੇਟ ਗੁਰਪ੍ਰੀਤ ਮੰਡੇਰ):- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰਤੀਆ ਦੀ ਐੱਨ.ਐੱਸ.ਐੱਸ. ਯੂਨਿਟ ਵੱਲੋਂ ਦੂਜਾ ਇੱਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ। ਕੈਂਪ ਦੀ ਅਗਵਾਈ ਪ੍ਰੋਗਰਾਮ ਅਧਿਕਾਰੀ ਸ੍ਰੀਮਤੀ ਬਬੀਤਾ ਨੇ ਕੀਤੀ ਅਤੇ ਇਸ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਗਜਾਨੰਦ ਨੇ ਕੀਤੀ।

ਇਸ ਮੌਕੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਗਜਾਨੰਦ ਨੇ ਕਿਹਾ ਕਿ ਰਾਸ਼ਟਰੀ ਸੇਵਾ ਯੋਜਨਾ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ ਅਤੇ ਸਰਵਪੱਖੀ ਉੱਨਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਐੱਨ.ਐੱਸ.ਐੱਸ. ਕੈਂਪਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਅਨੁਸ਼ਾਸਨ, ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੁੰਦੀ ਹੈ। ਇਸ ਲਈ ਸਾਰੇ ਵਿਦਿਆਰਥੀਆਂ ਨੂੰ ਅਜਿਹੇ ਕੈਂਪਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।

ਕੈਂਪ ਦੌਰਾਨ ਸਹਾਇਕ-ਕਮ-ਕੰਪਿਊਟਰ ਆਪਰੇਟਰ ਸ੍ਰੀਮਤੀ ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਇੰਟਰਨੈੱਟ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਜਾਣਕਾਰੀ ਬਹੁਤ ਜ਼ਰੂਰੀ ਹੈ। ਹਰ ਵਿਦਿਆਰਥੀ ਨੂੰ ਇਸ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਉਹ ਇੰਟਰਨੈੱਟ ਦੀ ਸੁਰੱਖਿਅਤ ਅਤੇ ਸਹੀ ਵਰਤੋਂ ਕਰ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਸਾਈਬਰ ਅਪਰਾਧਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ।

ਕੈਂਪ ਤਹਿਤ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਸਕੂਲ ਵਿੱਚ ਸਫ਼ਾਈ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੇ ਖੇਡ ਮੈਦਾਨ, ਸਕੂਲ ਦੇ ਵੱਖ-ਵੱਖ ਕਮਰਿਆਂ ਅਤੇ ਵਿਗਿਆਨ ਪ੍ਰਯੋਗਸ਼ਾਲਾ ਦੀ ਸਫ਼ਾਈ ਕੀਤੀ। ਇਸ ਤੋਂ ਇਲਾਵਾ ਰੁੱਖਾਂ ਅਤੇ ਬੂਟਿਆਂ ਦੀ ਸਫ਼ਾਈ ਤੇ ਛੰਗਾਈ ਦਾ ਕੰਮ ਵੀ ਕੀਤਾ।

ਇਸ ਮੌਕੇ ਸੁਨੀਲ ਕੁਮਾਰ, ਹਿੰਦੀ ਲੈਕਚਰਾਰ ਵਿਕਾਸ ਕੁਮਾਰ, ਅੰਗਰੇਜ਼ੀ ਲੈਕਚਰਾਰ ਰਾਮ ਗੋਪਾਲ ਬਲਾਨਾ, ਕਿਰਨ, ਪਿੰਕਲ ਰਾਣੀ, ਸੁਖ ਸਹਾਇਕ ਬਲਦੇਵ ਸਿੰਘ, ਲਾਲੀ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।