ਪਟਿਆਲਾ (ਕਾਕਾ ਰਾਮ ਵਰਮਾ):- ਸੋਨੀ ਪਬਲਿਕ ਸਕੂਲ, ਫੋਕਲ ਪੁਆਇੰਟ ਵਿਖੇ ਦੂਜਾ ਖੇਡ ਮੇਲਾ ਕਰਵਾਇਆ ਗਿਆ। ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਪ੍ਰਧਾਨ ਡਾਕਟਰ ਰਾਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਿੱਖਿਆ, ਖੇਡਾਂ, ਮੁਕਾਬਲਿਆਂ ਅਤੇ ਹੋਰ ਗਤੀਵਿਧੀਆਂ ਵਿੱਚ ਅਧਿਆਪਕਾਂ ਦੀ ਅਗਵਾਈ ਹੇਠ ਪੂਰੀ ਸ਼ਰਧਾ, ਲਗਨ, ਇਮਾਨਦਾਰੀ, ਵਫ਼ਾਦਾਰੀ, ਸਬਰ, ਸ਼ਾਂਤੀ, ਨਿਮਰਤਾ, ਸਹਿਣਸ਼ੀਲਤਾ ਅਤੇ ਅਨੁਸ਼ਾਸਨ ਨਾਲ ਲਗਾਤਾਰ ਅਭਿਆਸ ਕਰਨ ਵਾਲੇ ਹੀ ਮਹਾਨ ਸਨਮਾਨ ਅਤੇ ਖੁਸ਼ੀਆਂ ਪ੍ਰਾਪਤ ਕਰਦੇ ਹਨ।
ਐਮ.ਡੀ. ਸ਼੍ਰੀ ਵਰਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਖੇਡਾਂ ਵਿੱਚ ਚੰਗੇ ਖਿਡਾਰੀ ਬਣਾਉਣ ਲਈ ਅਭਿਆਸ, ਆਤਮ-ਵਿਸ਼ਵਾਸ, ਹੌਸਲੇ ਅਤੇ ਇਨਾਮ ਜਿੱਤਣ ਦੀ ਮਹੱਤਤਾ ਬਾਰੇ ਦੱਸਿਆ ਜਾਂਦਾ ਹੈ।
ਸ਼੍ਰੀ ਕਾਕਾ ਰਾਮ ਵਰਮਾ ਨੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੋਨੀ ਪਬਲਿਕ ਸਕੂਲ ਵਿਖੇ ਪੜ੍ਹ ਰਹੇ ਮਜ਼ਦੂਰਾਂ ਦੇ ਬੱਚਿਆਂ ਨੂੰ ਵੱਡੇ ਪੱਧਰ 'ਤੇ ਸਿਹਤਮੰਦ, ਤੰਦਰੁਸਤ, ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਲਈ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਡਿਗਰੀਆਂ ਹਾਸਲ ਕਰਨ ਵਾਲਿਆਂ ਨੂੰ ਨੌਕਰੀਆਂ ਦੇ ਮੌਕੇ ਮੁਕਾਬਲਤਨ ਘੱਟ ਮਿਲਦੇ ਹਨ, ਜਦਕਿ ਰਾਸ਼ਟਰੀ ਜਾਂ ਅੰਤਰਰਾਸ਼ਟਰੀ ਪੱਧਰ 'ਤੇ ਖੇਡਾਂ ਅਤੇ ਹੋਰ ਮੁਕਾਬਲਿਆਂ ਵਿੱਚ ਇਨਾਮ ਜਿੱਤਣ ਵਾਲਿਆਂ ਨੂੰ ਵੱਧ ਨੌਕਰੀਆਂ ਮਿਲ ਰਹੀਆਂ ਹਨ।
ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਅਤੇ ਕੋਆਰਡੀਨੇਟਰ ਭਾਵਨਾ ਸ਼ਰਮਾ ਨੇ ਦੱਸਿਆ ਕਿ ਅੱਠ ਕਿਸਮਾਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ 152 ਵਿਦਿਆਰਥੀਆਂ ਨੇ ਭਾਗ ਲੈ ਕੇ ਇਨਾਮ ਪ੍ਰਾਪਤ ਕੀਤੇ। ਜੇਤੂ ਬੱਚਿਆਂ ਨੂੰ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ।
