ਚੰਡੀਗੜ੍ਹ:- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਪਏ ਮੀਂਹ ਕਾਰਨ ਦਿਨ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ, ਜਿਸ ਨਾਲ ਪੂਰਾ ਖੇਤਰ ਸੀਤ ਲਹਿਰ ਦੀ ਲਪੇਟ ਵਿੱਚ ਆ ਗਿਆ ਹੈ। ਦੋਵਾਂ ਸੁੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਘੱਟ ਕੇ 15.5 ਡਿਗਰੀ ਸੈਲਸੀਅਸ ’ਤੇ ਆ ਗਿਆ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਦੋਂਕਿ ਹਰਿਆਣਾ ਦੇ ਅੰਬਾਲਾ, ਹਿਸਾਰ, ਗੁਰੂਗ੍ਰਾਮ ਅਤੇ ਪੰਚਕੂਲਾ ਵਰਗੇ ਸ਼ਹਿਰਾਂ ਵਿੱਚ ਵੀ ਬੱਦਲ ਵਰ੍ਹੇ। ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਦਿਨ ਦਾ ਤਾਪਮਾਨ 15 ਤੋਂ 17 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ, ਜੋ ਕਿ ਆਮ ਨਾਲੋਂ ਪੰਜ ਡਿਗਰੀ ਤੱਕ ਹੇਠਾਂ ਹੈ।
 ਤਾਪਮਾਨ ਦੇ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਹਰਿਆਣਾ ਦਾ ਗੁਰੂਗ੍ਰਾਮ 5.8 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨਾਲ ਸਭ ਤੋਂ ਠੰਢਾ ਸਥਾਨ ਰਿਹਾ। ਦੂਜੇ ਪਾਸੇ, ਪੰਜਾਬ ਵਿੱਚ ਲੁਧਿਆਣਾ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 7.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਇਸ ਤੋਂ ਪਹਿਲਾਂ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਸੀ, ਪਰ ਮੰਗਲਵਾਰ ਦੇ ਮੀਂਹ ਨੇ ਦਿਨ ਵੇਲੇ ਠੰਢਕ ਨੂੰ ਵਧਾ ਦਿੱਤਾ ਹੈ।
ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ, ਇਸ ਮੀਂਹ ਕਾਰਨ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਜ਼ੋਰ ਫੜ ਸਕਦੀ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।