ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਕਤੂਬਰ:- ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਦੇ ਵਿਦਿਆਰਥੀਆਂ ਨੇ ਯੁਵਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਕਲਾਤਮਕ, ਸੰਗੀਤਕ ਅਤੇ ਸਾਹਿਤਕ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਪ੍ਰਾਪਤੀ ਸਰਕਾਰੀ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਜਸਪ੍ਰੀਤ ਕੌਰ ਬੈਂਸ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।

ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ, ਰਚਨਾਤਮਕਤਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕੀਤੀਆਂ। ਕਾਲਜ ਦੇ ਵਿਦਿਆਰਥੀਆਂ ਨੇ ਕਾਰਟੂਨਿੰਗ ਅਤੇ ਮਿੱਟੀ ਦੇ ਖਿਡੌਣੇ ਬਣਾਉਣ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਰੰਗੋਲੀ ਅਤੇ ਮੌਕੇ ’ਤੇ ਚਿੱਤਰਕਲਾ ਦੇ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਸਬੂਤ ਦਿੱਤਾ।

ਇਸ ਤੋਂ ਇਲਾਵਾ ਭਾਰਤੀ ਸਮੂਹ ਗੀਤ, ਗ਼ਜ਼ਲ, ਲੋਕ ਗੀਤ, ਪੱਛਮੀ ਸਾਜ਼-ਸੰਗੀਤ (ਇਕਲ), ਭਾਸ਼ਣ, ਕੋਲਾਜ ਅਤੇ ਖਿੱਦੋ ਦੇ ਮੁਕਾਬਲਿਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਪ੍ਰਾਪਤੀਆਂ ਨੇ ਵਿਦਿਆਰਥੀਆਂ ਦੀ ਬਹੁਪੱਖੀ ਪ੍ਰਤਿਭਾ, ਸੱਭਿਆਚਾਰਕ ਵਿਰਾਸਤ ਪ੍ਰਤੀ ਰੁਚੀ ਅਤੇ ਰਚਨਾਤਮਕ ਸੋਚ ਨੂੰ ਉਜਾਗਰ ਕੀਤਾ।

ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਇਸ ਸ਼ਾਨਦਾਰ ਸਫ਼ਲਤਾ ਲਈ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਤਿਆਰ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਟੀਮ ਭਾਵਨਾ ਵਿਕਸਿਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਹੋਰ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਇਸ ਯੁਵਕ ਮੇਲੇ ਵਿੱਚ ਕਾਲਜ ਦੀ ਸਫ਼ਲ ਭਾਗੀਦਾਰੀ ਯਕੀਨੀ ਬਣਾਉਣ ਲਈ ਕਨਵੀਨਰ ਪ੍ਰੋ. ਰਸ਼ਮੀ ਪ੍ਰਭਾਕਰ ਅਤੇ ਉਨ੍ਹਾਂ ਦੀ ਸਮੁੱਚੀ ਸੱਭਿਆਚਾਰਕ ਟੀਮ ਦਾ ਅਹਿਮ ਯੋਗਦਾਨ ਰਿਹਾ। ਕਾਲਜ ਵੱਲੋਂ ਕਨਵੀਨਰ ਅਤੇ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ।