ਗੜ੍ਹਸ਼ੰਕਰ, 03 ਅਕਤੂਬਰ (ਹਰੀ ਕ੍ਰਿਸ਼ਨ ਗੰਗੜ):- ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਨਾਲ ਸ਼ਿਵਾਲਿਕ ਸੋਸ਼ਲ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਵੱਲੋਂ ਇਲਾਕੇ ਦੇ ਪਿੰਡ ਸੂਜੋਂ ਵਿਖੇ ਗ੍ਰਾਮ ਪੰਚਾਇਤ ਨੂੰ ਵੱਖ-ਵੱਖ ਤਰ੍ਹਾਂ ਦੇ ਫਲਦਾਰ ਅਤੇ ਛਾਂਦਾਰ ਕਰੀਬ 150 ਬੂਟੇ ਦਿੱਤੇ ਗਏ।
ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਵਾਤਾਵਰਣ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਬੂਟੇ ਵੰਡੇ ਜਾ ਰਹੇ ਹਨ।
ਸਰਪੰਚ ਅਤੇ ਪਿੰਡ ਵਾਸੀਆਂ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਬੂਟਿਆਂ ਦੀ ਸਹੀ ਦੇਖ-ਭਾਲ ਕੀਤੀ ਜਾਵੇਗੀ ਤਾਂ ਜੋ ਪਿੰਡ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਇਸ ਮੌਕੇ ਪੰਚਾਇਤ ਵੱਲੋਂ ਸੁਸਾਇਟੀ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਤਰਨਜੀਤ ਸਿੰਘ, ਸੁਰਿੰਦਰ ਕੌਰ, ਜਸਵਿੰਦਰ ਕੌਰ, ਧਰਮਜੀਤ ਸਿੰਘ ਰਾਜਾ, ਡਾਕਟਰ ਲਖਵਿੰਦਰ ਸਿੰਘ ਲੱਕੀ, ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
