ਵਾਹਗਾ/ਸ੍ਰੀ ਅੰਮ੍ਰਿਤਸਰ/ਲਾਹੌਰ, 22 ਨਵੰਬਰ (ਆਰ. ਸਿੰਘ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਪੁੱਜਾ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਮੰਤਰੀ ਸ. ਰਮੇਸ਼ ਸਿੰਘ ਅਰੋੜਾ, ਓਕਾਫ ਬੋਰਡ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਅਤੇ ਬੋਰਡ ਦੇ ਸਕੱਤਰ ਨਾਸਿਰ ਮੁਸਤਾਕ ਨੇ ਸਿੱਖ ਜਥੇ ਦਾ ਸੁਆਗਤ ਕੀਤਾ।
ਸੁਆਗਤੀ ਸਮਾਰੋਹ ਮੌਕੇ ਲਹਿੰਦੇ ਪੰਜਾਬ ਵਾਲੇ ਪਾਸੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਇਸ ਧਰਤੀ ਉੱਤੇ ਹੋਇਆ ਅਤੇ ਉਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਮੁਹੱਬਤ, ਮਾਨਵਤਾ ਅਤੇ ਸਾਰਿਆਂ ਵਿੱਚ ਇੱਕ ਰੱਬ ਦੀ ਜੋਤ ਦੇਖਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਲੰਮਾ ਸਮਾਂ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਦੀ ਅਟੱਲ ਸਚਾਈ ਹੈ ਕਿ ਕਿਰਤੀਆਂ ਨੂੰ ਮਾਣ ਦਿੰਦਿਆਂ ਜਦੋਂ ਗੁਰੂ ਸਾਹਿਬ ਪਹਿਲੀ ਉਦਾਸੀ ਉੱਤੇ ਗਏ ਤਾਂ ਉਹ ਸਭ ਤੋਂ ਪਹਿਲਾਂ ਭਾਈ ਲਾਲੋ ਜੀ ਦੇ ਘਰ ਗਏ, ਜੋ ਅੱਜ ਵੀ ਸੈਦਪੁਰ ਐਮਨਾਬਾਦ ਵਿਖੇ ਮੌਜੂਦ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹ ਚੜ੍ਹਦੇ ਪੰਜਾਬ ਤੋਂ ਮੁਹੱਬਤ ਅਤੇ ਸ਼ਾਂਤੀ ਦਾ ਪੈਗ਼ਾਮ ਲੈ ਕੇ ਆਏ ਹਨ। ਅੱਜ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਜਥੇ ਦੀ ਰਵਾਨਗੀ ਤੋਂ ਪਹਿਲਾਂ ਵੀ ਇਹੀ ਅਰਦਾਸ ਕੀਤੀ ਗਈ ਸੀ ਕਿ ਇਸ ਪੂਰੇ ਖਿੱਤੇ ਵਿੱਚ ਹਮੇਸ਼ਾ ਸ਼ਾਂਤੀ ਬਣੀ ਰਹੇ, ਭਾਈਚਾਰਕ ਸਾਂਝ ਵਧੇ ਅਤੇ ਇੱਕ-ਦੂਜੇ ਦੇ ਜਜ਼ਬਾਤਾਂ ਦੀ ਕਦਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਦੀ ਧਰਤੀ ਨਾਲ ਸਿੱਖਾਂ ਦੀ ਬਹੁਤ ਡੂੰਘੀ ਸਾਂਝ ਹੈ। ਹਰ ਸਿੱਖ ਇੱਥੇ ਆਉਣਾ ਚਾਹੁੰਦਾ ਹੈ, ਕਿਉਂਕਿ ਇੱਥੋਂ ਸਿੱਖੀ ਦੀ ਸ਼ੁਰੂਆਤ ਹੋਈ ਅਤੇ ਇੱਥੇ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਬਹੁਤ ਸਾਰਾ ਇਤਿਹਾਸ ਮੌਜੂਦ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਾਡੀ ਸਾਂਝੀ ਮਾਂ-ਬੋਲੀ ਪੰਜਾਬੀ ਹੈ, ਜਿਸ ਦੀ ਤਰੱਕੀ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੋਵਾਂ ਪਾਸੇ ਹੋਣੀ ਚਾਹੀਦੀ ਹੈ। ਪੰਜਾਬੀ ਬੋਲਦਿਆਂ ਕਿਸੇ ਨੂੰ ਸ਼ਰਮ ਮਹਿਸੂਸ ਨਹੀਂ ਕਰਨੀ ਚਾਹੀਦੀ, ਕਿਉਂਕਿ ਇਹ ਕਰੋੜਾਂ ਲੋਕਾਂ ਦੀ ਭਾਸ਼ਾ ਹੈ ਅਤੇ ਇਸ ਨੂੰ ਮਾਣ ਨਾਲ ਬੋਲਣਾ ਚਾਹੀਦਾ ਹੈ। ਉਨ੍ਹਾਂ ਪੰਜਾਬੀ ਬੋਲੀ ਦੇ ਪ੍ਰਚਾਰ-ਪ੍ਰਸਾਰ ਅਤੇ ਇਸ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਵਾਲੇ ਸਾਰੇ ਲੋਕਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਸਿੱਖੀ ਨੇ ਹਮੇਸ਼ਾ ਮੁਹੱਬਤ ਦੀ ਗੱਲ ਕੀਤੀ ਹੈ। ਸਿੱਖੀ ਦਾ ਮੂਲ ਸਿਧਾਂਤ ਹੈ ਕਿ ਅਸੀਂ ਇੱਕ-ਦੂਜੇ ਦੀਆਂ ਭਾਵਨਾਵਾਂ ਦੀ ਕਦਰ ਕਰੀਏ, ਸਤਿਕਾਰ ਕਰੀਏ ਅਤੇ ਇੱਕ-ਦੂਜੇ ਦੀ ਤਰੱਕੀ ਲਈ ਆਪਣਾ ਯੋਗਦਾਨ ਜ਼ਰੂਰ ਪਾਈਏ।
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸਬੰਧੀ ਸਿੱਖ ਸੰਗਤ ਦੀ ਮੰਗ ਬਾਰੇ ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਅੱਜ ਸਵੇਰੇ ਜਥੇ ਦੀ ਰਵਾਨਗੀ ਮੌਕੇ ਇਸ ਮੁਹੱਬਤ ਦੇ ਲਾਂਘੇ ਨੂੰ ਛੇਤੀ ਖੋਲ੍ਹਣ ਲਈ ਵੀ ਅਰਦਾਸ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਲਾਂਘਾ ਖੁੱਲ੍ਹ ਜਾਵੇਗਾ।
ਉਨ੍ਹਾਂ ਪਾਕਿਸਤਾਨ ਦੀ ਪੰਜਾਬ ਸਰਕਾਰ ਦੀ ਇਸ ਗੱਲ ਲਈ ਸ਼ਲਾਘਾ ਕੀਤੀ ਕਿ ਲੰਮੇ ਸਮੇਂ ਤੋਂ ਬੰਦ ਪਏ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਅਤੇ ਮੁਰੰਮਤ ਉਪਰੰਤ ਉਨ੍ਹਾਂ ਨੂੰ ਮੁੜ ਖੋਲ੍ਹਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਐਲਾਨ ਅਨੁਸਾਰ ਲਾਹੌਰ ਸਥਿਤ ਦਿਵਾਨਖਾਨੇ ਨੂੰ ਖੋਲ੍ਹਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਰੱਖੀ।
ਉਨ੍ਹਾਂ ਕਿਹਾ ਕਿ 27 ਨਵੰਬਰ ਨੂੰ ਲਾਹੌਰ ਨੇੜੇ ਸਥਿਤ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਖਾਰਾ ਸਾਹਿਬ ਨੂੰ ਸੇਵਾ-ਸੰਭਾਲ ਦਾ ਕੰਮ ਮੁਕੰਮਲ ਹੋਣ ਉਪਰੰਤ ਮੁੜ ਖੋਲ੍ਹਿਆ ਜਾ ਰਿਹਾ ਹੈ। ਇਹ ਕਾਰਜ ਵਿਰਾਸਤ ਸੰਭਾਲ ਸੰਸਥਾ ਵੱਲੋਂ ਕੀਤਾ ਗਿਆ ਹੈ, ਜਿਸ ਨੇ ਗੁਰੂ ਘਰ ਦੀ ਪੁਰਾਤਨਤਾ ਕਾਇਮ ਰੱਖਦਿਆਂ ਸਮੁੱਚਾ ਕੰਮ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪਾਕਿਸਤਾਨ ਵਾਲੇ ਪਾਸੇ ਇਤਿਹਾਸਕ ਗੁਰੂ ਘਰਾਂ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਇਮਾਰਤਾਂ ਨੂੰ ਸੰਭਾਲਣ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਰਾਸਤਾਂ ਨੂੰ ਢਾਹ ਕੇ ਮੁੜ ਉਸਾਰਨ ਦੀ ਥਾਂ ਸੰਭਾਲਿਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਪੁਰਾਣੀ ਤਕਨੀਕ ਦੇ ਅਨੁਸਾਰ ਸਮੱਗਰੀ ਤਿਆਰ ਕਰਕੇ ਕਾਰਜ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਮੌਕੇ 'ਤੇ ਹੀ ਵੀਜ਼ੇ ਜਾਰੀ ਕਰਨ ਦੀ ਸਹੂਲਤ ਦੇਣੀ ਚਾਹੀਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਵੀ ਸਿੱਖ ਜਥਿਆਂ ਨੂੰ ਪ੍ਰੋਟੋਕੋਲ ਤਹਿਤ ਪਾਕਿਸਤਾਨ ਜਾ ਕੇ ਦਰਸ਼ਨ ਕਰਨ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪਾਕਿਸਤਾਨ ਵਾਲੇ ਪਾਸੇ ਦੇ ਲੋਕਾਂ ਦੇ ਦਿਲਾਂ ਵਿੱਚ ਸਿੱਖਾਂ ਪ੍ਰਤੀ ਜੋ ਮੁਹੱਬਤ ਹੈ, ਉਹ ਹਮੇਸ਼ਾ ਬਣੀ ਰਹੇ।
ਉਨ੍ਹਾਂ ਸਮੁੱਚੇ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਕਿ ਸ੍ਰੀ ਨਨਕਾਣਾ ਸਾਹਿਬ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦੀ ਧਰਤੀ ਹੈ, ਦੇ ਦਰਸ਼ਨਾਂ ਲਈ ਜ਼ਰੂਰ ਜਾਇਆ ਕਰੀਏ। ਉਨ੍ਹਾਂ ਜਥੇ ਲਈ ਪੁਖਤਾ ਪ੍ਰਬੰਧ ਕਰਨ ਵਾਸਤੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਦਾ ਧੰਨਵਾਦ ਕੀਤਾ।
